ਕੋਟਕਪੂਰਾ, 28 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਮਨਾਏ ਗਏ ਗਣਤੰਤਰ ਦਿਵਸ ਮੌਕੇ ਜ਼ਿਲਾ ਪ੍ਰਸ਼ਾਸ਼ਨ ਵਲੋਂ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲਾ ਫ਼ਰੀਦਕੋਟ ਵਿੱਚ ਪੰਜਾਬ ਸਰਕਾਰ ਵਲੋਂ ਜਨਵਰੀ 2024 ਨੂੰ ਮੁੱਖ ਖੇਤੀਬਾੜੀ ਅਫਸਰ, ਡਾ. ਅਮਰੀਕ ਸਿੰਘ ਨੂੰ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਤਾਇਨਾਤ ਕੀਤਾ ਸੀ ਇਸ ਸਮੇਂ ਦੌਰਾਨ ਉਨਾਂ ਵਲੋਂ ਕਿਸਾਨਾਂ ਵਿਸ਼ੇਸ਼ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਨਿਭਾਈਆਂ ਸੇਵਾਵਾਂ ਸਦਕਾ ਖੇਤੀ ਪਸਾਰ ਸੇਵਾਵਾਂ ਨੂੰ ਨਵੀਂ ਦਿੱਖ ਮਿਲੀ ਹੈ। ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਸਥਾਨਕ ਮੁੱਖ ਖ਼ੇਤੀਬਾੜੀ ਕੈਂਪਸ ਵਿੱਚ ਪੌਦਿਆਂ ਦਾ ਹਸਪਤਾਲ ਸਥਾਪਤ ਕੀਤਾ ਗਿਆ ਹੈ, ਜਿਸ ਵਿਚ ਕੋਈ ਵੀ ਕਿਸਾਨ ਆਪਣੀਆਂ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਲਿਆ ਸਕਦਾ ਹੈ। ਜ਼ਿਲਾ ਫਰੀਦਕੋਟ ਵਿੱਚ ਡਾ. ਅਮਰੀਕ ਸਿੰਘ ਵਲੋਂ ਬਤੌਰ ਮੁੱਖ ਖੇਤੀਬਾੜੀ ਅਫ਼ਸਰ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਬਿਹਤਰੀਨ ਖੇਤੀ ਸੇਵਾਵਾਂ ਨੂੰ ਦੇਖਦਿਆਂ ਉਹਨਾਂ ਦੀ ਬਦਲੀ ਜ਼ਿਲਾ ਗੁਰਦਾਸਪੁਰ ਵਿਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਕੀਤੀ ਗਈ ਹੈ। ਜ਼ਿਲਾ ਫਰੀਦਕੋਟ ਵਿੱਚ ਡਾ. ਅਮਰੀਕ ਸਿੰਘ ਵਲੋਂ ਬਤੌਰ ਮੁੱਖ ਖੇਤੀਬਾੜੀ ਅਫ਼ਸਰ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਬੇਹਤਰੀਨ ਖੇਤੀ ਸੇਵਾਵਾਂ ਨੂੰ ਦੇਖਦਿਆਂ ਉਨਾਂ ਦੀ ਬਦਲੀ ਜ਼ਿਲਾ ਗੁਰਦਾਸਪੁਰ ਵਿਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਔਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ ਨਰਭਿੰਦਰ ਸਿੰਘ ਗਰੇਵਾਲ, ਉਪ ਮੰਡਲ ਮੈਜਿਸਟਰੇਟ ਵਰੁਣ ਕੁਮਾਰ, ਬੀਰਇੰਦਰ ਸਿੰਘ ਸੰਧਵਾਂ ਹਾਜ਼ਰ ਸਨ। ਡਾ. ਅਮਰੀਕ ਸਿੰਘ ਵੱਲੋਂ ਪੰਜਾਬ ਦੀ ਖੇਤੀਬਾੜੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਨੇ ਆਪਣੀ ਸਕੂਲੀ ਸਿੱਖਿਆ ਸਰਕਾਰੀ ਹਾਈ ਸਕੂਲ ਕਲਾਨੌਰ ਜ਼ਿਲਾ ਗੁਰਦਾਸਪੁਰ, ਬੀ.ਐਸ.ਸੀ. ਐਗਰੀਕਲਚਰ ਦੀ ਡਿਗਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਐਮ.ਐਸ.ਸੀ. ਤਾਮਿਲਨਾਡੂ ਖੇਤੀਬਾੜੀ ਯੂਨੀਵਰਸਿਟੀ ਕੋਇੰਬਟੂਰ ਅਤੇ ਪੀ.ਐਚ.ਡੀ. (ਫਸਲ ਵਿਗਿਆਨ) ਵਿਸ਼ੇ ਦੀ ਡਿਗਰੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਤੋਂ ਕੀਤੀ ਹੈ। ਡਾ. ਅਮਰੀਕ ਸਿੰਘ ਵੱਲੋਂ ਕਿਸਾਨਾਂ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਪਸਾਰ ਸੇਵਾਵਾਂ ਲਈ ਕੀਤੀਆਂ ਪ੍ਰਾਪਤੀਆਂ ਦੀ ਗੱਲ ਕਰੀਏ ਤਾਂ ਉਹਨਾਂ ਨੂੰ ਸਾਲ 2017 ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਪੁਰਸਕਾਰ ਨਾਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿੰਨ ਵਾਰ ਬੇਹਤਰੀਨ ਪਸਾਰ ਕਾਮੇ ਵੱਜੋਂ, ਗੁਜਰਾਤ ਸਰਕਾਰ ਵੱਲੋਂ ਸਾਲ 2023 ਵਿੱਚ ਕਰਵਾਈ ਅੰਤਰਰਾਸ਼ਟਰੀ ਕਾਨਫਰੰਸ ਮੌਕੇ ਪਸਾਰ ਸੇਵਾਵਾਂ ਵਿੱਚ ਉਤਮਤਾ ਪੁਰਸਕਾਰ, ਆਸਥਾ ਫਾਉਂਡੇਸ਼ਨ ਮੇਰਠ (ਯੂ.ਪੀ.) ਅਤੇ ਜ਼ਿਲਾ ਪ੍ਰਸ਼ਾਸ਼ਨ ਗੁਰਦਾਸਪੁਰ ਅਤੇ ਪਠਾਨਕੋਟ ਵੱਲੋਂ ਪਸਾਰ ਸੇਵਾਵਾਂ ਵਿੱਚ ਉਤਮਤਾ ਪੁਰਸਕਾਰ ਵੱਜੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹਨਾਂ ਵੱਲੋਂ ਕਿਸਾਨੀ ਹਿੱਤ ਵਿੱਚ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵਲੋਂ ਜ਼ਿਲਾ ਫਰੀਦਕੋਟ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲਾਭਪਾਤਰੀ ਕਿਸਾਨਾਂ ਦੀ ਈ ਕੇ ਵਾਈ ਸੀ ਮੁਕੰਮਲ ਕਰਨ ਲਈ ਚਲਾਈ ਜਾ ਰਹੀ ਯੋਜਨਾਬੱਧ ਮੁਹਿੰਮ ਕਾਰਨ ਈ ਕੇ ਵਾਈ ਸੀ ਦਾ 82 ਫੀਸਦੀ ਕੰਮ ਮੁਕੰਮਲ ਕਰਕੇ ਜ਼ਿਲਾ ਫਰੀਦਕੋਟ ਪੰਜਾਬ ਵਿੱਚ ਪਹਿਲੇ ਸਥਾਨ ਤੇ ਚੱਲ ਰਿਹਾ ਹੈ। ਜ਼ਿਲਾ ਫਰੀਦਕੋਟ ਵਿੱਚ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ 72 ਫੀਸਦੀ ਕਮੀ ਦਰਜ ਕੀਤੀ ਗਈ। ਵਾਤਾਵਰਣ ਦੀ ਸ਼ੁਧਤਾ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਟਿਊਬਵੈਲਾਂ ਤੇ ਇੱਕ ਲੱਖ ਤੀਹ ਹਜ਼ਾਰ ਛਾਂਦਾਰ ਪੌਦੇ ਲਾਏ ਹਨ। ਉਨਾਂ ਵੱਲੋਂ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਖੇਤੀ ਨਾਲ ਜੋੜਨ ਅਤੇ ਤਕਨੀਕੀ ਤੌਰ ਤੇ ਮਜ਼ਬੂਤ ਕਰਨ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ, ਨੌਜਵਾਨ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ, ਵਾਤਾਵਰਣ ਅਤੇ ਕੁਦਰਤੀ ਸੋਮਿਆਂ ਦੇ ਬਚਾਅ ਲਈ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾਂ ਰਹੀ ਹੈ। ਵਟਸਐਪ ਐਪ ਰਾਹੀਂ ਉਨਾਂ ਵੱਲੋਂ ਤਕਰੀਬਨ 45578 ਕਿਸਾਨਾਂ ਤੱਕ ਸਿੱਧੇ ਰੂਪ ਵਿੱਚ ਤਕਨੀਕੀ ਨੁਕਤੇ ਪਹੁੰਚਾਏ ਜਾ ਰਹੇ ਹਨ। ਡਾ. ਅਮਰੀਕ ਸਿੰਘ ਵੱਲੋਂ “ਉੱਤਮ ਖੇਤੀ ਪੰਜਾਬ”ਨਾਮਕ ਯੂ ਟਿਊਬ ਚੈਨਲ ਵੀ ਚਲਾਇਆ ਜਾ ਰਿਹਾ ਹੈ ਜਿਸ ਦੇ 8506 ਨੌਜਵਾਨ ਕਿਸਾਨ ਮੈਂਬਰ ਹਨ ਅਤੇ ਇਸ ਚੈਨਲ ਨੂੰ ਨੌਜਵਾਨ ਕਿਸਾਨਾਂ ਵੱਲੋਂ 27 ਲੱਖ 15 ਹਜ਼ਾਰ ਵਾਰ ਦੇਖਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਇਹ ਪੁਰਸਕਾਰ ਮੇਰੇ ਮਾਤਾ ਪਿਤਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਸਮਰਪਿਤ ਹੈ ਅਤੇ ਇਸ ਨਾਲ ਪੰਜਾਬ ਦੀ ਕਿਸਾਨੀ ਦੀ ਸੇਵਾ ਕਰਨ ਲਈ ਹੋਰ ਉਤਸ਼ਾਹ ਮਿਲਿਆ ਹੈ । ਉਨਾਂ ਕਿਹਾ ਕਿ ਇਹ ਸਨਮਾਨ ਮੇਰਾ ਨਹੀਂ ਸਮੁੱਚੀ ਪੰਜਾਬ ਦੀ ਕਿਸਾਨੀ ਦਾ ਸਨਮਾਨ ਹੈ ,ਜਿਨ੍ਹਾਂ ਹਰ ਕੰਮ ਵਿਚ ਭਰਪੂਰ ਸਹਿਯੋਗ ਦਿੱਤਾ ਹੈ।
