ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਕੀਤੀ ਮੰਗ
ਕੋਟਕਪੂਰਾ, 29 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕੇ.ਏ.ਪੀ. ਸਿਨਹਾ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਨਾਂ ਇੱਕ ਰਜਿਸਟਰਡ ਪੱਤਰ ਭੇਜ ਕੇ ਮਿਤੀ 17 ਜੁਲਾਈ 2020 ਤੋਂ ਬਾਅਦ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ‘ਤੇ ਭਰਤੀ ਹੋਏ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਮਾਨਯੋਗ ਸੁਪਰੀਮ ਕੋਰਟ ਦਾ ਮਿਤੀ 20 ਜਨਵਰੀ 2025 ਦਾ ਫੈਸਲਾ ਲਾਗੂ ਕਰਨ ਦੀ ਮੰਗ ਕੀਤੀ ਹੈ। ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ 17 ਜੁਲਾਈ 2020 ਤੋਂ ਬਾਅਦ ਵੱਖ-ਵੱਖ ਵਰਗਾਂ ਵਿੱਚ ਭਰਤੀ ਹੋਏ ਮੁਲਾਜ਼ਮਾਂ ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕੀਤੇ ਹੋਏ ਹਨ। ਇਸ ਸਬੰਧ ਵਿੱਚ ਸੌਰਭ ਸ਼ਰਮਾ ਅਤੇ ਹੋਰ ਬਨਾਮ ਪੰਜਾਬ ਸਰਕਾਰ ਵੱਲੋਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸਿਵਲ ਰਿੱਟ ਪਟੀਸ਼ਨ ਨੰਬਰ 15896 ਆਫ 2023 ਦਾਇਰ ਕੀਤੀ ਗਈ ਸੀ। ਇਸ ਰਿੱਟ ਪਟੀਸ਼ਨ ਦਾ ਫੈਸਲਾ ਮਿਤੀ 13 ਸਤੰਬਰ 2024 ਨੂੰ ਪਟੀਸ਼ਨਰਾਂ ਦੇ ਹੱਕ ਵਿੱਚ ਹੋਇਆ ਸੀ। ਇਸ ਫੈਸਲੇ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਡਬਲ ਬੈਂਚ ਕੋਲ ਐਲ ਪੀ ਏ 2977ਆਫ 2024 ਦਾਇਰ ਕਰ ਦਿੱਤੀ ਗਈ ਸੀ। ਡਬਲ ਬੈਂਚ ਵੱਲੋਂ ਇਸ ਐਲ ਪੀ ਏ ਦਾ ਫੈਸਲਾ ਵੀ ਮਿਤੀ 10 ਦਸੰਬਰ 2024 ਨੂੰ ਪੰਜਾਬ ਸਰਕਾਰ ਦੇ ਖਿਲਾਫ ਹੋ ਗਿਆ ਸੀ ਅਤੇ ਮਾਨਯੋਗ ਅਦਾਲਤ ਵੱਲੋਂ ਇਹ ਐਲ ਪੀ ਏ ਡਿਸਮਿਸ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਿਤੀ 10 ਦਸੰਬਰ 2024 ਨੂੰ ਦਿੱਤੇ ਗਏ ਫੈਸਲੇ ਦੇ ਵਿਰੁੱਧ ਮਾਨਯੋਗ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ ਨੰਬਰ 1158 ਆਫ 2025 ਦਾਇਰ ਕਰ ਦਿੱਤੀ ਸੀ। ਮਾਨਯੋਗ ਸੁਪਰੀਮ ਕੋਰਟ ਵੱਲੋਂ ਕੁਝ ਦਿਨ ਪਹਿਲਾਂ 20 ਜਨਵਰੀ ਨੂੰ ਇਹ ਐਸ ਐਲ ਪੀ. ਡਿਸਮਿਸ ਕਰਦੇ ਹੋਏ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਜਾਇਜ਼ ਠਹਿਰਾ ਦਿੱਤਾ ਗਿਆ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਲਈ ਲਾਗੂ ਕੀਤਾ ਜਾਵੇ।

