ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ
ਫ਼ਰੀਦਕੋਟ, 31 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਬਾਰ ਐਸੋਸੀਏਸ਼ਨ ਫਰੀਦਕੋਟ ਨੇ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦੇ ਸੱਦੇ ’ਤੇ ਇੱਥੇ ਹੜਤਾਲ ਕਰਕੇ ਮੰਗ ਕੀਤੀ ਕਿ ਸਮਰਾਲੇ ਦੇ ਵਕੀਲ ਹਸਨ ਸਿੰਘ ਉੱਪਰ ਕਥਿਤ ਤੌਰ ’ਤੇ ਹਮਲਾ ਕਰ ਕੇ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖਿਲਾਫ਼ ਪਰਚਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਭ ਸਿੰਘ ਔਲਖ, ਸਕੱਤਰ ਜਤਿੰਦਰ ਕੁਮਾਰ ਬਾਂਸਲ, ਜਸਕਰਨ ਸਿੰਘ, ਗੁਰਜੁਗਪਾਲ ਸਿੰਘ, ਬਿਕਰਮਜੀਤ ਸਿੰਘ ਬਰਾੜ, ਮੋਹਨ ਸਿੰਘ ਬਰਾੜ, ਉਮਾ ਸ਼ੰਕਰ, ਪਿਊਸ਼ ਜੈਨ ਅਤੇ ਰਜਿੰਦਰ ਸਿੰਘ ਬਰਾੜ ਆਦਿ ਵਕੀਲਾਂ ਨੇ ਕਿਹਾ ਕਿ ਪਿਛਲੇ ਦਿਨੀਂ ਸਮਰਾਲੇ ਦੇ ਵਕੀਲ ਹਸਨ ਸਿੰਘ ਉੱਪਰ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਸਮੇਂ-ਸਿਰ ਸੂਚਨਾ ਮਿਲਣ ਦੇ ਬਾਵਜੂਦ ਅਜੇ ਤੱਕ ਨਾ ਤਾਂ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਪੁੱਛ-ਪੜਤਾਲ ਲਈ ਬੁਲਾਇਆ ਗਿਆ ਹੈ। ਜ਼ਿਲ੍ਹਾ ਪ੍ਰਧਾਨ ਗੁਰਲਾਭ ਸਿੰਘ ਔਲਖ ਨੇ ਕਿਹਾ ਕਿ ਜੇਕਰ ਪੁਲੀਸ ਤੁਰੰਤ ਕਾਰਵਾਈ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

