13 ਫਰਵਰੀ ਦੀ ਜ਼ਮੀਨ ਬਚਾਓ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਦਾ ਕੀਤਾ ਐਲਾਨ
ਕੋਟਕਪੂਰਾ, 11 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਕਿਸਾਨਾਂ ਕੀਤੇ ਜ਼ਬਰ ਖ਼ਿਲਾਫ਼ ਅਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਖੇ ਜ਼ਮੀਨ ਬਚਾਓਣ ਲਈ ਲੜੇ ਜਾ ਰਹੇ ਸੰਘਰਸ਼ ਦੀ ਪ੍ਰਤੀਨਿਧ ਅਧਿਆਪਕ ਜੱਥੇਬੰਦੀ ਡੈਮੋਕ੍ਰੇਟਿਕ ਟੀਚਰਚ ਫ਼ਰੰਟ ਫਰੀਦਕੋਟ ਵੱਲੋਂ ਭਰਵੀਂ ਹਮਾਇਤ ਕਰਨ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਜ਼ਿਲਾ ਪ੍ਰਧਾਨ ਸੁਖਵਿੰਦਰ ਸੁੱਖੀ, ਜਨਰਲ ਸਕੱਤਰ ਗਗਨ ਪਾਹਵਾ ਨੇ ਦੱਸਿਆ ਕਿ ਇਸ ਪਿੰਡ ਦੀ ਲੱਗਭਗ 700 ਏਕੜ ਜ਼ਮੀਨ ਤੇ 1907 ਤੋਂ ਕਾਬਜ਼ ਕਿਸਾਨਾਂ ਵੱਲੋਂ ਪੀੜ੍ਹੀਆਂ ਤੋਂ ਇਸ ਜ਼ਮੀਨ ਨੂੰ ਵਾਹੀਯੋਗ ਬਣਾ ਕੇ ਆਪਣੇ ਪ੍ਰੀਵਾਰ ਪਾਲੇ ਜਾ ਰਹੇ ਹਨ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਜ਼ਮੀਨਾਂ ਨੂੰ ਖਾਲੀ ਕਰਾਉਣ ਹਿੱਤ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ। ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਵਿੱਤ ਸਕੱਤਰ ਪ੍ਰਦੀਪ ਸਿੰਘ ਨੇ ਸਰਕਾਰੀ ਜ਼ਬਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਦੇ ਨਾਂ ਤੇ ਸੱਤਾ ਵਿਚ ਆਉਣ ਵਾਲੀ ਆਪ ਸਰਕਾਰ ਆਮ ਲੋਕਾਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਤੇ ਲਗਾਤਾਰ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਰਥਿਕ ਥੁੜ੍ਹਾਂ ਦੇ ਮਾਰੇ ਸਿਮਾਂਤ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਜਗੀਰਦਾਰਾਂ ਦਾ ਪੱਖ ਪੂਰਨ ਵਾਲੀ ਲੋਕ ਦੋਖੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਜਾਵੇਗਾ।