ਕੋਟਕਪੂਰਾ, 28 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਪੰਜਾਬ ਭਰ ਵਿੱਚ ਆਦਿਵਾਸੀਆਂ ਨੂੰ ਨਕਸਲਵਾਦ ਦੇ ਨਾਮ ’ਤੇ ਖ਼ਤਮ ਕਰਨ ਦੇ ਨਾਮ ਤੇ ਝੂਠੇ ਪੁਲੀਸ ਮੁਕਾਬਲਿਆਂ ਖ਼ਿਲਾਫ ਖੱਬੀਆਂ ਪਾਰਟੀਆਂ ਸੀ.ਪੀ.ਆਈ. ਐਮ.ਐਲ. ਨਿਊ ਡੈਮੋਕਰੇਸੀ, ਸੀ.ਪੀ.ਆਈ., ਇਨਕਲਾਬੀ ਕੇਂਦਰ ਪੰਜਾਬ ਅਤੇ ਆਰ.ਐਮ.ਪੀ.ਆਈ. ਸਮੇਤ ਵੱਖ-ਵੱਖ ਜਮਹੂਰੀ ਜਥੇਬੰਦੀਆਂ ਵੱਲੋਂ ਜ਼ਿਲਾਂ ਕੇਂਦਰਾਂ ਤੇ ਰੋਸ ਮੁਜ਼ਾਹਰੇ ਕੀਤੇ ਗਏ। ਫ਼ਰੀਦਕੋਟ ਡੀ.ਸੀ. ਦਫ਼ਤਰ ਅੱਗੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਹੋਇਆ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਸੀਪੀ ਈ ਦੇ ਜ਼ਿਲਾ ਸਕੱਤਰ ਅਸ਼ੋਕ ਕੌਸ਼ਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆਂ ਭਰ ਵਿੱਚ ਵਿਕਾਸ ਦੇ ਨਾਮ ਉਪਰ ਲੋਕਾਂ ਨੂੰ ਉਜਾੜ ਕੇ ਕਾਰਪੋਰੇਟਾਂ ਦੀਆਂ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ, ਉਹ ਭਾਵੇ ਲੋਕਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟਾਂ ਨੂੰ ਦੇਣ ਦਾ ਮਾਮਲਾ ਹੋਵੇ ਭਾਵੇਂ ਆਦਿਵਾਸੀਆਂ ਨੂੰ ਉਜਾੜ ਕੇ ਦੇਸ਼ ਦੇ ਖਣਿਜ ਪਦਾਰਥ ਕਾਰਪੋਰੇਟਾਂ ਨੂੰ ਲੁਟਾਉਣ ਦਾ ਮਾਮਲਾ ਹੋਵੇ। ਕਾਰਪੋਰੇਟਾਂ ਖਿਲਾਫ਼ ਬੋਲਣ ਵਾਲੇ ਲੋਕਾਂ ਨੂੰ ਨਕਸਲਵਾਦ ਦੇ ਨਾਮ ਉਪਰ ਕਤਲ ਕੀਤਾ ਜਾ ਰਿਹਾ ਹੈ। ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਦੀਪ ਸਿੰਘ ਵਾਲਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਹਰਵੀਰ ਕੌਰ, ਸੀਪੀਆਈ ਦੇ ਆਗੂ ਪਰਦੀਪ ਸਿੰਘ ਅਤੇ ਗੁਰਨਾਮ ਸਿੰਘ ਨੇ ਅਮਿਤ ਸ਼ਾਹ ਦਾ 2026 ਤੱਕ ਨਕਸਲਵਾਦ ਦੇ ਖਤਮ ਕਰਨ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਆਪਣੇ ਹੀ ਲੋਕਾਂ ਖਿਲਾਫ਼ ਜੰਗ ਬੰਦ ਕਰੇ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਰੇਗਾ ਰੁਜਗਾਰ ਪ੍ਰਾਪਤੀ ਮਜ਼ਦੂਰ ਸਭਾ ਦੇ ਆਗੂ ਗੋਰਾ ਸਿੰਘ ਪਿਪਲੀ, ਸੀਪੀਆਈ ਐਮਐਲ ਲਿਬਰੇਸ਼ਨ ਦੇ ਆਗੂ ਸਤਨਾਮ ਸਿੰਘ ਨੇ ਸੰਬੋਧਨ ਕੀਤਾ।
