ਭਗਵੰਤ ਮਾਨ ਸਰਕਾਰ ਨਹੀਂ ਲੈ ਰਹੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੋਈ ਸਾਰ
ਕੋਟਕਪੂਰਾ , 30 ਮਾਰਚ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਮੇਂ ਕੇਂਦਰ ਅਤੇ ਹੋਰ ਬਹੁਤ ਸਾਰੀਆਂ ਰਾਜ ਸਰਕਾਰਾਂ ਨਾਲੋਂ 11 ਫੀਸਦੀ ਮਹਿੰਗਾਈ ਭੱਤੇ ਦੀ ਦਰ ਨਾਲ ਤਿੰਨ ਕਿਸ਼ਤਾਂ ਘੱਟ ਲੈ ਰਹੇ ਸਨ। ਬੀਤੇ ਦਿਨ ਕੇਂਦਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਆਪਣੇ ਮੁਲਾਜ਼ਮਾਂ ਲਈ ਜਨਵਰੀ 2025 ਤੋਂ ਮਹਿੰਗਾਈ ਭੱਤੇ ਵਿੱਚ 2 ਫੀਸਦੀ ਦੀ ਦਰ ਨਾਲ ਵਾਧਾ ਕਰਦੇ ਹੋਏ 53 ਤੋਂ 55 ਫੀਸਦੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਦੇ ਸਾਹਮਣੇ ਨਵੀਂ ਚੁਣੌਤੀ ਪੈਦਾ ਹੋ ਗਈ ਹੈ। ਪਿਛਲੇ ਦਿਨੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਿਛਲੀਆਂ ਬਕਾਇਆ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਦੇਣ ਬਾਰੇ ਆਪਣਾ ਮੂੰਹ ਤੱਕ ਖੋਲ੍ਹਣਾ ਵੀ ਮੁਨਾਸਬ ਨਹੀਂ ਸਮਝਿਆ ਗਿਆ। ਇਸ ਕਰਕੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਵੱਡੀ ਗਿਣਤੀ ਵਿੱਚ ਬਜਟ ਦੀਆਂ ਕਾਪੀਆਂ ਸਾੜਨ ਲਈ ਮਜਬੂਰ ਹੋਏ ਹਨ। ਇਸ ਸਬੰਧ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ,1680 ਸੈਕਟਰ 22ਬੀ, ਚੰਡੀਗੜ੍ਹ) ਦੇ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਮੁੱਖ ਸਲਾਹਕਾਰ ਬਲਦੇਵ ਸਿੰਘ ਸਹਿਦੇਵ, ਸੂਬਾ ਸਲਾਹਕਾਰ ਗੁਰਮੇਲ ਸਿੰਘ ਮੈਲਡੇ ਤੇ ਗੁਰਬਖਸ਼ ਸਿੰਘ ਢਿੱਲੋ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਅਤੇ ਗੁਰਜੀਤ ਸਿੰਘ ਘੋੜੇਵਾਹ, ਜਨਰਲ ਸਕੱਤਰ ਪ੍ਰੇਮ ਚਾਵਲਾ, ਐਡੀਸ਼ਨਲ ਜਨਰਲ ਸਕੱਤਰ ਸਤਿਆਪਾਲ ਗੁਪਤਾ, ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ, ਪ੍ਰੈਸ ਸਕੱਤਰ ਭੁਪਿੰਦਰ ਸਿੰਘ ਸੇਖੋਂ ਅਤੇ ਕੁਲਵੰਤ ਸਿੰਘ ਚਾਨੀ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਡੀਏ ਵਿੱਚ ਹਰ ਰੋਜ਼ ਪੰਜਾਬ ਦਾ ਖਜ਼ਾਨਾ ਭਰਿਆ ਹੋਣ ਦਾ ਦਾਅਵਾ ਕਰ ਰਹੇ ਹਨ ਤੇ ਦੂਸਰੇ ਪਾਸੇ ਮੁਲਾਜ਼ਮਾਂ ਨੂੰ ਰੀੜ ਦੀ ਹੱਡੀ ਕਹਿਣ ਵਾਲੀ ਪੰਜਾਬ ਸਰਕਾਰ ਮਹਿੰਗਾਈ ਭੱਤਾ ਦੇਣ ਸਮੇਂ ਲਗਾਤਾਰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕਰ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 13 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਚਾਰ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ ਅਤੇ ਪਿਛਲੀਆਂ ਰਹਿੰਦੀਆਂ ਸਾਰੀਆਂ ਕਿਸ਼ਤਾਂ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਜ਼ਿਲ੍ਹਾ ਫਰੀਦਕੋਟ ਦੇ ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਸਹਾਇਕ ਵਿੱਤ ਸਕੱਤਰ ਤਰਸੇਮ ਨਰੂਲਾ ਅਤੇ ਮਿਉਂਸਪਲ ਮੁਲਾਜ਼ਮ ਆਗੂ ਸ਼ਰਨ ਕੁਮਾਰ ਆਦਿ ਹਾਜ਼ਰ ਸਨ।

