ਪੰਜਾਬ ਮੰਡੀ ਬੋਰਡ ’ਚ ਕੰਮ ਕਰਦੇ ਕੰਟਰੈਕਟ ਤੇ ਆਊਟਸੋਰਸ ਕਾਮਿਆਂ ਦੀਆਂ ਮੁਸ਼ਕਿਲਾਂ ਸਬੰਧੀ ਦਿੱਤਾ ਮੰਗ ਪੱਤਰ
ਕੋਟਕਪੂਰਾ, 7 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੰਡੀ ਬੋਰਡ ਵਰਕਰਜ ਯੂਨੀਅਨ ਪੰਜਾਬ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਡੀ ਬੋਰਡ ਵਿੱਚ ਕੰਮ ਕਰ ਰਹੇ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਵਾਉਣ ਸਬੰਧੀ ਮੰਗ ਪੱਤਰ ਦੇ ਕੇ ਮੀਟਿੰਗ ਦਾ ਸਮਾਂ ਮੰਗਿਆ ਗਿਆ। ਉਹਨਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਜਲਦੀ ਹੀ ਸਮੁੱਚੀ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੰਡੀ ਬੋਰਡ ਵਿੱਚ ਕੰਮ ਕਰ ਰਹੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਆਉਂਦੀਆਂ ਸਮੱਸਿਆਵਾਂ ਦਾ ਹੱਲ ਕਰਿਆ ਜਾਵੇਗਾ। ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾਈ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ ਨੇ ਕਿਹਾ ਕਿ ਮੰਡੀ ਬੋਰਡ ਵਿੱਚ ਪਿਛਲੇ ਤਕਰੀਬਨ 10,15 ਸਾਲਾਂ ਤੋਂ ਸੂਬੇ ਦੇ ਸਾਰੇ ਮੰਡਲ ਦਫਤਰਾਂ ਵਿੱਚ ਕੰਟਰੈਕਟ ਅਤੇ ਆਊਟਸੋਰਸ ਦੇ ਮੁਲਾਜ਼ਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਅ ਰਹੇ ਹਨ ਪਰ ਮੇਨਟੀਨੈਸ ਤੇ ਮੰਡੀਆਂ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਹਾਲੇ ਵੀ ਠੇਕੇਦਾਰਾਂ ਰਾਹੀਂ ਲੁੱਟ ਕੀਤੀ ਜਾ ਰਹੀ ਹੈ। ਜਥੇਬੰਦੀ ਮੰਗ ਕਰਦੀ ਹੈ ਕਿ ਜਿੰਨੇ ਵੀ ਮੰਡੀ ਬੋਰਡ ਵਿੱਚ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ ਕੰਟਰੈਕਟ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ ਜਿੰਨਾ ਆਊਟਸੋਰਸ ਕਰਮਚਾਰੀਆਂ ਦੀ ਸੇਵਾ ਤਿੰਨ ਸਾਲ ਤੋਂ ਉੱਪਰ ਹੋ ਚੁੱਕੀ ਹੈ ਉਹਨਾਂ ਨੂੰ ਕੰਟਰੈਕਟ ਤੇ ਕੀਤਾ ਜਾਵੇ ਅਤੇ ਮੇਨਟੀਨਸ ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਮੁੱਖ ਦਫਤਰ ਵੱਲੋਂ ਮੈਨ ਪਾਵਰ ਰਾਹੀਂ ਦਿੱਤੀਆਂ ਜਾਣ ਤਾਂ ਜੋ ਉਹਨਾਂ ਕਰਮਚਾਰੀਆਂ ਦਾ ਸਮੇਂ ਸਿਰ ਈਪੀਐਫ ਕੱਟਿਆ ਜਾ ਸਕੇ ਅਤੇ ਉਹਨਾਂ ਮੁਲਾਜ਼ਮਾਂ ਦੀ ਠੇਕੇਦਾਰਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾ ਸਕੇ।