ਬੱਸ ਸਟੈਂਡ ਦੇ ਆਸ-ਪਾਸ ਪਾਰਕਿੰਗਾਂ ਵਿੱਚ ਖੜੇ ਵਾਹਨਾਂ ਦੀ ਕੀਤੀ ਚੈਕਿੰਗ : ਡੀ.ਐੱਸ.ਪੀ.
ਕੋਟਕਪੂਰਾ, 3 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਬੱਸ ਸਟੈਂਡ ਫ਼ਰੀਦਕੋਟ ’ਤੇ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਬੱਸ ਅੱਡੇ ’ਤੇ ਆਉਣ-ਜਾਣ ਵਾਲੇ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਇਸ ਤੋਂ ਇਲਾਵਾ ਬੱਸ ਅੱਡੇ ਅਤੇ ਆਸ-ਪਾਸ ਦੀਆਂ ਪਾਰਕਿੰਗਾਂ ਵਿੱਚ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕਰ ਰਹੇ ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਬੱਸਾਂ ਸਮੇਤ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਸੇ ਤਰ੍ਹਾਂ ਕੋਟਕਪੂਰਾ ਅਤੇ ਜੈਤੋ ਦੇ ਬੱਸ ਸਟੈਂਡਾਂ ਦੀ ਵੀ ਪੁਲੀਸ ਵੱਲੋਂ ਤਲਾਸ਼ੀ ਲਈ ਗਈ। ਡੀ.ਐਸ.ਪੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਅਤੇ ਡਾ.ਪ੍ਰਗਿਆ ਜੈਨ ਐਸ.ਐਸ.ਪੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਸ਼ੱਕੀ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ। ਇਸ ਤਹਿਤ ਬੱਸ ਅੱਡੇ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਰੋਕ ਲਾਈ ਜਾ ਸਕੇ। ਉਨ੍ਹਾਂ ਲੋਕਾਂ ਨੂੰ ਵੀ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਬਾਰੇ ਪੁਲੀਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਰਹਿੰਦੇ ਅਪਰਾਧਿਕ ਘਟਨਾਵਾਂ ’ਤੇ ਰੋਕ ਲਾਈ ਜਾ ਸਕੇ।

