ਹਿੰਦ/ਪਾਕਿ ਦੋਹਾਂ ਦਰਮਿਆਨਤ ਬਣੇ ਜੰਗ ਦੇ ਹਾਲਾਤਾਂ ਪ੍ਰਤੀ ਡੂੰਘੀ ਚਿੰਤਾ ਪ੍ਰਗਟ
ਕੋਟਕਪੂਰਾ, 10 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ,ਚੰਡੀਗੜ੍ਹ) ਜ਼ਿਲ੍ਹਾ ਇਕਾਈ ਫਰੀਦਕੋਟ ਦੀ ਮਹੀਨਾਵਾਰੀ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਦਿਨੀ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ 27 ਭਾਰਤੀਆਂ ਅਤੇ ਵੱਖ-ਵੱਖ ਸਮੇਂ ’ਤੇ ਸਦੀਵੀ ਵਿਛੋੜਾ ਦੇ ਗਏ ਵਿਅਕਤੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਇਲਾਵਾ ਪਿਛਲੇ ਕੁਝ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਦੋਹਾਂ ਮੁਲਕਾਂ ਵਿੱਚ ਬਣੇ ਜੰਗ ਦੇ ਹਾਲਾਤਾਂ ਪ੍ਰਤੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਜਲਦੀ ਹੀ ਦੋਹਾਂ ਮੁਲਕਾਂ ਵਿੱਚ ਅਮਨ ਅਤੇ ਸ਼ਾਂਤੀ ਬਹਾਲ ਰੱਖਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਪੈਨਸ਼ਨਰ ਆਗੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘਮੰਘੇੜਾ, ਵਿੱਤ ਸਕੱਤਰ ਸੋਮਨਾਥ ਅਰੋੜਾ, ਇਕਬਾਲ ਸਿੰਘ ਰਣ ਸਿੰਘ ਵਾਲਾ, ਜਸਵਿੰਦਰ ਸਿੰਘ ਬਰਾੜ ਪੇਂਡੂ ਵਿਕਾਸ ਅਧਿਕਾਰੀ, ਮਦਨ ਲਾਲ ਸ਼ਰਮਾ, ਮੰਦਰ ਸਿੰਘ ਲੈਕਚਰਾਰ, ਪ੍ਰਿੰਸੀਪਲ ਬਲਵੀਰ ਸਿੰਘ ਬਰਾੜ ਤੇ ਤਰਸੇਮ ਨਰੂਲਾ ਨੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਦੋਸ਼ ਲਾਇਆ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਲਗਾਤਾਰ ਨਜ਼ਰ ਅੰਦਾਜ਼ ਕਰ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੋਧੇ ਗਏ ਤਨਖਾਹ ਸਕੇਲਾਂ ਦਾ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਯੱਕਮੁਸ਼ਤ ਦੇਣ, ਪੇ-ਕਮਿਸ਼ਨ ਵੱਲੋਂ ਸਿਫਾਰਿਸ਼ ਕੀਤਾ ਗਿਆ ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰਤ ਲਾਗੂ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ 13 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਚਾਰ ਕਿਸ਼ਤਾਂ ਤੁਰਤ ਦੇਣ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਕਰਨ, ਸਮੂਹ ਕੱਚੇ, ਠੇਕਾ ਆਧਾਰ ਅਤੇ ਆਊਟ ਸੋਰਸ ਮੁਲਾਜ਼ਮਾਂ ਅਤੇ ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਤੁਰਤ ਰੈਗੂਲਰ ਕਰਨ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਫੈਸਲੇ ਜਨਲਾਈਜ ਕਰਕੇ ਲਾਗੂ ਕੀਤੇ ਜਾਣ ਮਿਤੀ 1 ਜਨਵਰੀ 2016 ਤੋਂ ਬਾਅਦ ਸੇਵਾ ਮੁਕਤ ਹੋਣ ਵਾਲੇ ਸਮੂਹ ਪੈਨਸ਼ਨਰਾਂ ਨੂੰ ਸੋਧੇ ਤਨਹਾ ਸਕੇਲਾਂ ਦਾ ਬਕਾਇਆ ਦਿੱਤਾ ਜਾਵੇ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਮੰਗ ਪੱਤਰ ਵਿੱਚ ਸ਼ਾਮਿਲ ਲੰਬੇ ਸਮੇਂ ਤੋਂ ਲਟਕ ਰਹੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ 20 ਮਈ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕਰਦੇ ਹੋਏ ਹਰ ਪੱਧਰ ’ਤੇ ਹੋਣ ਵਾਲੀਆਂ ਰੈਲੀਆਂ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਵੱਲੋਂ 1ਜੂਨ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਨੇੜੇ ਬੱਸ ਅੱਡਾ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਕਨਵੈਂਨਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਨਿਰਣਾ ਲਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਦੀਪ ਭੋਲਾ ਪੀ ਆਰ ਟੀ ਸੀ, ਗੁਰਚਰਨ ਸਿੰਘ ਮਾਨ, ਗੇਜ ਰਾਮ ਭੌਰਾ, ਗੁਲਵੰਤ ਸਿੰਘ ਔਲਖ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਮਲਕੀਤ ਸਿੰਘ ਢਿੱਲਵਾਂ ਕਲਾਂ, ਮੇਜਰ ਸਿੰਘ ਤੇ ਹਾਕਮ ਸਿੰਘ ਡੀ ਪੀ ਈ, ਅਰਜਨ ਸਿੰਘ ਫਰੀਦਕੋਟ, ਜੋਗਿੰਦਰ ਸਿੰਘ ਛਾਬੜਾ ਤੇ ਕਸ਼ਮੀਰਾ ਸਿੰਘ ਆਦਿ ਸ਼ਾਮਲ ਸਨ।