ਜ਼ਿਲ੍ਹਾ ਕੋਆਰਡੀਨੇਟਰ ਅਤੇ ਮਾਲਵਾ ਸੈਂਟਰਲ ਦੇ ਜੋਨਲ
ਕੋਆਰਡੀਨੇਟਰ ਨੇ ਹਲਕਾ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ
ਜਾਗਰੂਕਤਾ ਯਾਤਰਾ ਰਾਹੀਂ ਹਰ ਪਿੰਡ, ਗਲੀ- ਮੁਹੱਲੇ, ਘਰ-ਘਰ ਕੀਤਾ ਜਾਵੇਗਾ ਜਾਗਰੂਕ
ਕੋਟਕਪੂਰਾ, 15 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਜ ਅੰਦਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ੁਰੂ ਹੋਣ ਵਾਲੀ ਜਾਗਰੂਕਤਾ ਯਾਤਰਾ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਕੋਆਰਡੀਨੇਟਰ ਸ. ਗਗਨਦੀਪ ਸਿੰਘ ਧਾਲੀਵਾਲ ਅਤੇ ਮਾਲਵਾ ਸੈਂਟਰਲ ਦੇ ਜੋਨਲ ਕੋਆਰਡੀਨੇਟਰ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀ ਗਈ। ਚੇਅਰਮੈਨ ਇੰਮਪੂਰਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸ ਲਈ ਫ਼ਰੀਦਕੋਟ ਤੋਂ ਉਤਮ ਸਿੰਘ, ਕੋਟਕਪੂਰਾ ਤੋਂ ਰਾਜਪਾਲ ਸਿੰਘ ਅਤੇ ਜੈਤੋ ਤੋਂ ਨਰਿੰਦਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਨਾਲ ਨਸ਼ਿਆਂ ਨੂੰ ਵੇਚਣ ਵਾਲਿਆਂ, ਨਸ਼ਾ ਕਰਨ ਵਾਲਿਆਂ ਨੂੰ ਠੱਲ ਪਾਈ ਜਾ ਸਕੇਗੀ। ਚੇਅਰਮੈਨ ਸ.ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਪਿੰਡਾਂ ਅਤੇ ਵਾਰਡਾਂ ਦੇ ਹਰ ਇੱਕ ਘਰ ਤੱਕ ਰਾਬਤਾ ਬਣਾ ਕੇ ਵਸਨੀਕਾਂ ਨੂੰ ਨਸ਼ਾ ਰੋਕਣ ਲਈ ਸਹਿਯੋਗ ਦੇਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ਅੰਦਰ ਪੈਂਦੇ 3-3 ਪਿੰਡਾਂ ਵਿੱਚ ਰੋਜਾਨਾ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਕੇਵਲ ਨਸ਼ੇ ਦਾ ਵਿਰੋਧ ਨਹੀਂ, ਬਲਕਿ ਸਮਾਜ ਨੂੰ ਸਕਾਰਾਤਮਕ ਦਿਸ਼ਾ ਵੱਲ ਪ੍ਰੇਰਿਤ ਕਰਨਾ ਵੀ ਹੈ। ਉਨ੍ਹਾਂ ਨਸ਼ਿਆਂ ਖਿਲਾਫ ਇਸ ਜੰਗ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਇਸਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ।