ਕੋਟਕਪੂਰਾ, 26 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਇਕਰਾਰਨਾਮੇ ਦੀ ਮਦ ਨੰਬਰ 9 ਤੇ ਪਿਕਟਸ ਅਧੀਨ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਦਾ ਚੋਣ ਵਾਅਦਾ ਕੀਤਾ ਗਿਆ ਸੀ। ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਪੰਜਾਬ ਦੇ ਰਾਜ ਭਾਗ ਦੋ ਸਵਾ ਤਿੰਨ ਸਾਲ ਦੌਰਾਨ ਵੀ ਇਹ ਚੋਣ ਵਾਅਦਾ ਵਫਾ ਹੁੰਦਾ ਦਿਖਾਈ ਨਹੀਂ ਦੇ ਰਿਹਾ। ਪੰਜਾਬ ਸਰਕਾਰ ਦੀ ਇਸ ਵਾਅਦਾਖਿਲਾਫੀ ਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਪਿਛਲੀ ਕਾਫੀ ਸਮੇਂ ਤੋਂ ਸੰਘਰਸ਼ਸ਼ੀਲ ਹਨ। ਪੰਜਾਬ ਸਰਕਾਰ ਦੀ ਇਸ ਗੈਰ ਲੋਕਤੰਤਰੀ ਕਾਰਵਾਈ ਦੀ ਪੰਜਾਬ ਸੂਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾ, ਅਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ ਅਤੇ ਪ੍ਰਵੀਨ ਕੁਮਾਰੁ ਲੁਧਿਆਣਾ, ਵਿੱਤ ਸਕੱਤਰ ਨਵੀਨ ਸੱਚਦੇਵਾ ਤੇ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਕਟਸ ਅਧੀਨ ਕੰਮ ਕਰਦੇ ਸਮੂਹ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਤੁਰਤ ਮਰਜ਼ ਕੀਤੀਆਂ ਜਾਣ ਅਤੇ ਇਹਨਾਂ ਅਧਿਆਪਕਾਂ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ ਦੇ ਨਿਯਮਾਂ ਮੁਤਾਬਕ ਪੂਰੀਆਂ ਸਹੂਲਤਾਂ ਦਿੱਤੀਆਂ ਜਾਣ।