ਕੋਟਕਪੂਰਾ, 29 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਕੇਸ਼ ਸ਼ਰਮਾ ਜੀ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਵਿਦਿਆਰਥਣ ਕੁਲਦੀਪ ਸ਼ਰਮਾ ਸਪੁੱਤਰੀ ਮਨਜਿੰਦਰ ਕੁਮਾਰ ਨੇ 496/500 (99.20 ਫੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ ਸੂਚੀ ਵਿੱਚ ਚੌਥਾ ਸਥਾਨ ਹਾਸਿਲ ਕੀਤਾ। ਵਿਦਿਆਰਥਣ ਦੀ ਇਸ ਪ੍ਰਾਪਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦਿਆਰਥਣ ਨੂੰ ਮੁੱਖ ਮੰਤਰੀ ਰਿਹਾਇਸ਼ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪੜ੍ਹਾਈ ਦੇ ਖੇਤਰ ਵਿੱਚ ਹੋਰ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ ਜੀ ਨੇ ਦੱਸਿਆ ਕਿ ਇਸ ਵਿਦਿਆਰਥਣ ਨੇ ਦਸਵੀਂ ਦੇ ਨਤੀਜੇ ਵਿੱਚ ਵੀ ਪੰਜਾਬ ਮੈਰਿਟ ਸੂਚੀ ਵਿੱਚ 13ਵਾਂ ਸਥਾਨ ਹਾਸਿਲ ਕੀਤਾ ਸੀ। ਇਸ ਵਿਦਿਆਰਥਣ ਨੇ ਜੂਡੋ ਅਤੇ ਕੁਰੈਸ਼ ਖੇਡਾਂ ਵਿੱਚ ਸਟੇਟ ਪੱਧਰ ’ਤੇ ਵੀ ਇਨਾਮ ਪ੍ਰਾਪਤ ਕੀਤੇ।