ਪੁਲਿਸ ਟੀਮਾਂ ਵਲੋਂ 347 ਵਾਹਨਾਂ ਦੀ ਕੀਤੀ ਜਾਂਚ, 43 ਵਾਹਨਾਂ ਦੇ ਕੀਤੇ ਚਲਾਨ
ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ 51 ਸ਼ੱਕੀ ਵਿਅਕਤੀਆਂ ਦੀ ਜਾਂਚ : ਐਸ.ਐਸ.ਪੀ.
ਕੋਟਕਪੂਰਾ, 12 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਬੁੱਧਵਾਰ ਨੂੰ ਵਿਸ਼ੇਸ਼ ਅਪ੍ਰੇਸ਼ਨ ਚਲਾਇਆ ਗਿਆ, ਜਿਸ ਤਹਿਤ ਫਰੀਦਕੋਟ ਜਿਲ੍ਹੇ ਅੰਦਰ ਆਉਣ-ਜਾਣ ਵਾਲੀਆਂ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ, ਤਾਂ ਜੋ ਨਸ਼ਾ ਤਸਕਰੀ ਉੱਪਰ ਪੂਰੀ ਤਰ੍ਹਾਂ ਨਕੇਲ ਕਸੀ ਜਾ ਸਕੇ। ਇਹ ਅਪ੍ਰੇਸ਼ਨ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤਕ ਫਰੀਦਕੋਟ ਜਿਲੇ ਦੀਆਂ ਸਾਰੀਆਂ ਸਬ-ਡਵੀਜਨਾਂ ਵਿੱਚ ਚਲਾਇਆ ਗਿਆ, ਜਿਸ ਵਿੱਚ ਮਹੱਤਵਪੂਰਨ ਥਾਵਾਂ ’ਤੇ ਨਾਕੇ ਲਾ ਕੇ ਵੱਧ ਤੋਂ ਵੱਧ ਪੁਲਿਸ ਬਲ ਦੀ ਤਾਇਨਾਤੀ ਯਕੀਨੀ ਬਣਾਈ ਗਈ। ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ. ਫਰੀਦਕੋਟ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸਮੂਹ ਮੁੱਖ ਅਫਸਰ ਥਾਣਾ ਵੱਲੋਂ 100 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਮੱਦਦ ਨਾਲ, ਤਿੰਨੋ ਸਬ-ਡਵੀਜਨਾ (ਫਰੀਦਕੋਟ, ਕੋਟਕਪੂਰਾ ਅਤੇ ਜੈਤੋ) ਦੇ 08 ਪੁਆਇੰਟਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਅਪ੍ਰੇਸ਼ਨ ਦੀ ਓਵਰਆਲ ਸੁਪਰਵੀਜਨ ਮਨਵਿੰਦਰਬੀਰ ਸਿੰਘ ਐਸ.ਪੀ. ਅਤੇ ਸੰਦੀਪ ਕੁਮਾਰ ਐਸ.ਪੀ. ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਓਪਰੇਸ਼ਨ ਦੌਰਾਨ ਵਾਹਨ ਐਪ ਦੀ ਮਦਦ ਨਾਲ 218 ਦੋ ਪਹੀਆ ਵਾਹਨ ਅਤੇ 129 ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਵਿੱਚੋਂ 43 ਵਾਹਨਾਂ ਦੇ ਚਲਾਨ ਜਾਰੀ ਕੀਤੇ ਗਏ। ਇਸਦੇ ਨਾਲ ਹੀ 51 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਿਲਾਫ਼ ਤਿੰਨ ਪੱਖੀ ਨੀਤੀ ਲਾਗੂ ਕੀਤੀ ਹੈ। ਇਸੇ ਲੜੀ ਤਹਿਤ ਫਰੀਦਕੋਟ ਪੁਲਿਸ ਨੇ ਹੁਣ ਤੱਕ 300 ਦੇ ਕਰੀਬ ਵਿਅਕਤੀਆਂ ਨੂੰ ਨਸ਼ਾ ਛੱਡਣ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ, ਜਦਕਿ ਜਿਲ੍ਹੇ ਭਰ ਵਿੱਚ ਨਸ਼ਿਆ ਖਿਲਾਫ ਇਸ ਮੁਹਿੰਮ ਨੂੰ ਹੋਰ ਮਜਬੂਤ ਕਰਨ ਲਈ ਲਗਾਤਾਰ ਜਾਗਰੂਕਤਾ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।