ਹਲਕੇ ਦੇ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ : ਸੰਧਵਾਂ
ਕੋਟਕਪੂਰਾ, 18 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ‘ਲੋਕ ਮਿਲਣੀ ਪ੍ਰੋਗਰਾਮ’ ਦਾ ਆਯੋਜਨ ਕੀਤਾ। ਇਸ ਮੌਕੇ ਉਹਨਾਂ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਬਦੋਲਤ ਹੀ ਉਹ ਅੱਜ ਇਸ ਮੁਕਾਮ ’ਤੇ ਪਹੁੰਚੇ ਹਨ ਤੇ ਆਪਣੇ ਹਲਕੇ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ‘ਲੋਕ ਮਿਲਣੀ ਪ੍ਰੋਗਰਾਮ’ ਅੱਗੇ ਵੀ ਨਿਰੰਤਰ ਕੀਤੇ ਜਾਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਸਾਰੇ ਵਰਗਾਂ ਦੀ ਭਲਾਈ ਲਈ ਵੱਡੀ ਪੱਧਰ ’ਤੇ ਜਿੱਥੇ ਵਿਕਾਸ ਸਕੀਮਾਂ ਚਲਾਈਆਂ ਗਈਆਂ ਹਨ, ਉੱਥੇ ਰਾਜ ਦੇ ਚਹੁੰ-ਪੱਖੀ ਵਿਕਾਸ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੀ ਹੈ ਕਿ ਕੋਈ ਵੀ ਨਾਗਰਿਕ ਆਪਣੇ ਨਿੱਜੀ ਕੰਮਾਂ ਲਈ ਸਰਕਾਰੀ ਦਫ਼ਤਰਾਂ ’ਚ ਪ੍ਰੇਸ਼ਾਨੀ ਦਾ ਸ਼ਿਕਾਰ ਨਾ ਹੋਵੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਲਾਕਾ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਭਲਾਈ ਲਈ ਸਰਕਾਰ ਹਮੇਸ਼ਾਂ ਯਤਨਸ਼ੀਲ ਹੈ।