ਡਿਪਟੀ ਕਮਿਸ਼ਨਰ ਨੇ ਦਾਖਲ ਮਰੀਜਾਂ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਨਸ਼ਿਆਂ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ-ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ
ਕੋਟਕਪੂਰਾ, 23 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਦਾਖਲ ਮਰੀਜਾਂ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਇਜਾ ਲਿਆ। ਉਹਨਾਂ ਨਸ਼ਾ ਛੁਡਾਊ ਕੇਂਦਰ ਦੇ ਡਾਕਟਰਾਂ ਅਤੇ ਸਟਾਫ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਇਲਾਜ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਨਿਯਮਤ ਤੌਰ ’ਤੇ ਫੀਡ ਬੈਕ ਲੈਣ ਦੀ ਹਦਾਇਤ ਵੀ ਕੀਤੀ। ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਕੈਂਪ ਲਾਉਣ ਦੇ ਨਿਰਦੇਸ਼ ਦਿੱਤੇ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੇ ਡਿਮਾਂਡ ਖਤਮ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ। ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਮੇਜਰ ਡਾ. ਵਰੁਣ ਕੁਮਾਰ ਐਸ.ਡੀ.ਐੱਮ. ਫਰੀਦਕੋਟ, ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ ਆਦਿ ਵੀ ਮੌਜੂਦ ਸਨ।