ਲੋੜਵੰਦਾਂ ਲਈ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ

ਕੋਟਕਪੂਰਾ, 30 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦੇ ਗਠਨ ਦੇ 16 ਸਾਲ ਪੂਰੇ ਹੋਣ ’ਤੇ ਸੰਸਥਾ ਵੱਲੋਂ ਮਿਸ਼ਨ 1313 ਤਹਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਖੂਨਦਾਨ ਉੱਤਮ ਦਾਨ ਹੈ ਤੇ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮੱਦਦ ਲਈ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਇਹ ਗਲਤਫਹਿਮੀ ਹੁੰਦੀ ਹੈ ਕਿ ਖੂਨਦਾਨ ਕਰਕੇ ਵਿਅਕਤੀ ਕਮਜੋਰ ਜਾਂ ਬਿਮਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਗਲਤ ਅਤੇ ਬੇ-ਬਨਿਆਦ ਧਾਰਨਾ ਹੈ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸਰੀਰ ਵਿਚ ਨਵੇਂ ਸੈਲ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ ਥੈਲਾਸੀਮੀਆਂ ਦੇ ਸ਼ਿਕਾਰ ਬੱਚੇ ਜਿਨ੍ਹਾਂ ਨੂੰ ਖੂਨ ਦੀ ਬਹੁਤ ਜਰੂਰਤ ਹੁੰਦੀ ਹੈ, ਅਜਿਹੀ ਬਿਮਾਰੀ ਤੋ ਪੀੜ੍ਹਤ ਬੱਚਿਆਂ ਦੀ ਜਿੰਦਗੀ ਸਾਡੇ ਦੁਆਰਾ ਦਾਨ ਕੀਤੇ ਗਏ ਖੂਨ ਤੇ ਨਿਰਭਰ ਹੁੰਦੀ ਹੈ, ਉਨ੍ਹਾਂ ਨੂੰ ਖੂਨ ਦੇ ਕੇ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਰੋਜਾਨਾ ਹੁੰਦੇ ਹਾਦਸਿਆਂ ਕਾਰਨ ਅਨੇਕਾ ਲੋਕ ਜ਼ਿਆਦਾ ਖੂਨ ਵਹਿ ਜਾਣ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਲੋਕਾ ਨੂੰ ਸਮੇਂ-ਸਿਰ ਖੂਨ ਪ੍ਰਾਪਤ ਹੋ ਜਾਵੇ ਤਾਂ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸੰਸਥਾਵਾਂ ਜੋ ਲੋਕ ਭਲਾਈ ਦੇ ਕੰਮ ਕਰਦੀਆਂ ਹਨ, ਉਨ੍ਹਾਂ ਸੰਸਥਾਵਾਂ ਦਾ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ, ਚੇਅਰਮੈਨ ਬਲਜੀਤ ਸਿੰਘ ਖੀਵਾ ਅਤੇ ਪ੍ਰੋਜੈਕਟ ਇੰਚਾਰਜ ਰਵੀ ਅਰੋੜਾ, ਲਵਲੀ ਅਰੋੜਾ, ਗੋਰਵ ਗਲਹੋਤਰਾ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਅਮਨਦੀਪ ਸਿੰਘ ਘੋਲੀਆ, ਰੱਜਤ ਛਾਬੜਾ, ਅਮਨਦੀਪ ਸਿੰਘ ਗੁਲਾਟੀ, ਨਵਨੀਤ ਸਿੰਘ ਸੋਨੂੰ ਸੇਠੀ ਸਮੇਤ ਵੱਡੀ ਗਿਣਤੀ ਵਿੱਚ ਖੂਨਦਾਨੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ।