ਪੰਜਾਬ, ਪੰਜਾਬੀ ਦੀ ਗੱਲ ਕਰਨ ਵਾਲੇ ਕੇਜਰੀਵਾਲ ਨੂੰ ਨਹੀਂ ਪਸੰਦ ਆਗੂ : ਖਹਿਰਾ
ਕੋਟਕਪੂਰਾ, 1 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਵਿੱਚ ਬੇਨਿਯਮੀਆਂ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ‘ਆਪ’ ਸਰਕਾਰ ਉੱਪਰ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਦੀ ਵੀ ਸਖ਼ਤ ਨਿੰਦਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿੱਚ ਇੱਕ ਗੈਰ-ਪੰਜਾਬੀ ਵਾਈਸ ਚਾਂਸਲਰ ਦੀ ਨਿਯੁਕਤੀ ਤੋਂ ਬਾਅਦ ਬਾਹਰੀ ਰਾਜਾਂ ਤੋਂ ਵੱਡੇ ਪੱਧਰ ’ਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਵਿੱਚ ਕਰੋੜਾਂ ਰੁਪਏ ਦੇ ਕੰਮ ਬਿਨਾਂ ਕਿਸੇ ਟੈਂਡਰ ਦੇ ਉਹਨਾਂ ਦੀ ਮਨਪਸੰਦ ਕੰਪਨੀ ਤੋਂ ਕਰਵਾਏ ਜਾ ਰਹੇ ਹਨ। ਕੇਜਰੀਵਾਲ ਨੂੰ ਪੰਜਾਬੀਅਤ ਦੀ ਗੱਲ ਕਰਨ ਵਾਲੇ ਆਗੂ ਪਸੰਦ ਨਹੀਂ ਹਨ। ਵਿਧਾਇਕ ਖਹਿਰਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਿਕਾਇਤ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ ਪਰ ਸੱਤਾਧਾਰੀ ਪਾਰਟੀ ਦੇ ਆਗੂਆਂ ਦੀ ਮਿਲੀਭੁਗਤ ਕਾਰਨ ਅਖੌਤੀ ਭ੍ਰਿਸ਼ਟ ਅਫ਼ਸਰਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਖਹਿਰਾ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿੱਚੋਂ ਕੱਢਣ ਦੇ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੇ ਆਗੂ ਪਸੰਦ ਨਹੀਂ ਹਨ ਅਤੇ ਇਸੇ ਕਾਰਨ ਕੁੰਵਰ ਵਿਜੇ ਪ੍ਰਤਾਪ ਨੂੰ ਵੀ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁੰਵਰ ਪਿਛਲੇ ਤਿੰਨ ਸਾਲਾਂ ਤੋਂ ਬੇਅਦਬੀ ਅਤੇ ਨਸ਼ੇ ਦੇ ਮੁੱਦੇ ’ਤੇ ਆਪਣੀ ਆਵਾਜ਼ ਉਠਾ ਰਹੇ ਸਨ।