ਹਲਕੇ ਦੇ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਣਗੇ : ਸਪੀਕਰ ਸੰਧਵਾਂ
ਕੋਟਕਪੂਰਾ, 8 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਟਹਿਣਾ ਵਿਖੇ ਸਰਪੰਚ ਰਣਜੀਤ ਸਿੰਘ ਦੇ ਘਰ ਪਹੁੰਚ ਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਤੋਂ ਉਹ ਸਪੀਕਰ ਦੇ ਅਹੁਦੇ ’ਤੇ ਆਏ ਹਨ, ਉਦੋਂ ਤੋਂ ਉਨ੍ਹਾਂ ਦਾ ਇੱਕੋ ਹੀ ਮਕਸਦ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਉਣ ਦੇਣ। ਇਸ ਲਈ ਉਹ ਖੁਦ ਲੋਕਾਂ ਵਿੱਚ ਵਿਚਰ ਕੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਪਿੰਡ ਟਹਿਣਾ ਵਿਖੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਲਦੀ ਹੀ ਉਨ੍ਹਾਂ ਦਾ ਹੱਲ ਕਰਨ ਲਈ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਵੀ ਸਮੇਂ-ਸਮੇਂ ਸਿਰ ਲੋਕ ਮਿਲਣੀ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਦੇ ਵੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਵੱਲੋਂ ਲਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆ ਕੇ ਜਾਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮਿਲ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।