ਲੋਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ : ਸੰਧਵਾਂ
ਕੋਟਕਪੂਰਾ, 9 ਜੁਲਾਈ (ਟਿੰਕੂ ਕੁਮਾਰ /ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਨਤਕ ਸੇਵਾਵਾਂ ਨੂੰ ਤੇਜ਼, ਪਾਰਦਰਸ਼ੀ ਅਤੇ ਆਸਾਨ ਬਣਾਉਣ ਲਈ ‘ਈਜ਼ੀ ਰਜਿਸਟਰੀ ਪ੍ਰਣਾਲੀ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਮੀਨ-ਜਾਇਦਾਦ ਦੀ ਰਜਿਸਟਰੀ ਸਿਰਫ 48 ਘੰਟਿਆਂ ਅੰਦਰ ਹੋ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਬਹੁਤ ਹੀ ਸ਼ਲਾਂਘਾਯੋਗ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਰਜਿਸਟਰੀ ਦਫ਼ਤਰਾਂ ਵਿਚ ਸਮਾਂ ਬਰਬਾਦ ਨਹੀਂ ਕਰਨਾ ਪਵੇਗਾ, ਕਿਉਂਕਿ ਹੁਣ ਸਾਰੀ ਜਾਣਕਾਰੀ ਮੋਬਾਇਲ ਤੇ ਮੁਹੱਈਆ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਰਜਿਸਟਰੀ ਲਈ ਨਾ ਸਿਰਫ਼ ਆਪਣੇ ਖੇਤਰ ਦੇ ਰਜਿਸਟਰੀ ਦਫ਼ਤਰ ਸਗੋਂ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿਚ ਵੀ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਸੇਵਾ ਸਹਾਇਕ ਨੂੰ ਘਰੋਂ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪਿੰਡਾਂ ਵਿੱਚ ਜਾਂ ਦੂਰ-ਦੁਰਾਡੇ ਰਹਿਣ ਵਾਲੇ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਸਪੀਕਰ ਸੰਧਵਾਂ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫ਼ਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ’ਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਹੁਣ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪਵੇਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਵਡਮੁੱਲਾ ਸਮਾਂ ਬਚੇਗਾ।