ਫਰੀਦਕੋਟ, 6 ਅਗਸਤ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਅੱਜ ਫਰੀਦਕੋਟ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਦੇ ਵਿਕਾਸ, ਨਵੀਨੀਕਰਨ ਅਤੇ ਵਿਦਿਆਰਥੀਆਂ ਦੀਆਂ ਸਿੱਖਿਆ ਸੰਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸ. ਢਿੱਲਵਾਂ ਨੇ ਦੱਸਿਆ ਕਿ ਦੋਹਾਂ ਕਾਲਜਾਂ ਵਿੱਚ ਵਿਦਿਆਰਥੀਆਂ ਲਈ ਵਧੀਆ ਸੁਧਾਰ ਲਿਆਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਨੀਕਰਨ ਦੇ ਕਾਰਜ ਜਲਦੀ ਸ਼ੁਰੂ ਕੀਤੇ ਜਾਣਗੇ, ਜਿਸ ਰਾਹੀਂ ਉਚੇਰੀ ਸਿੱਖਿਆ ਦਾ ਪੱਧਰ ਹੋਰ ਵੀ ਉੱਚਾ ਹੋਵੇਗਾ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਯੋਜਨਾ ਬੋਰਡ ਵੱਲੋਂ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਸਿੱਖਿਆ ਨਾਲ ਜੁੜਿਆ ਹੋਇਆ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਐਕਸੀਅਨ ਪੀ.ਡਬਲਊ ਡੀ. ਸ੍ਰੀ ਨਵੀਨ ਕੁਮਾਰ, ਪ੍ਰਿੰਸੀਪਲ ਬਰਜਿੰਦਰਾ ਕਾਲਜ ਸ੍ਰੀ ਰਾਜੇਸ ਮੋਹਨ, ਪ੍ਰੋ. ਨਰਿੰਦਰਜੀਤ ਸਿੰਘ ਬਰਾੜ, ਹਰੀਸ਼ ਕੁਮਾਰ ਸਹੀਦ ਭਗਤ ਸਿੰਘ ਕਾਲਜ, ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ, ਹਰਦੀਪ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।