ਬਠਿੰਡਾ, 7 ਅਗਸਤ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਪਿੰਡ ਜੀਵਨ ਸਿੰਘ ਵਾਲਾ ਤੋਂ ਲਵਾਰਿਸ ਹਾਲਤ ਵਿੱਚ ਮਿਲੇ ਇੱਕ ਨਵਜੰਮੇ ਬੱਚੇ (ਲੜਕਾ) ਨੂੰ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਬੱਚੇ ਨੂੰ ਮੈਡੀਕਲ ਜਾਂਚ ਲਈ ਸਰਕਾਰੀ ਹਸਪਤਾਲ ਬਠਿੰਡਾ ਦੇ ਚਿਲਡਰਨ ਵਾਰਡ ਵਿੱਚ ਭਰਤੀ ਕਰਵਾਇਆਗਿਆ ਸੀ ਅਤੇ ਐਫ.ਆਈ.ਆਰ ਨੰ 0178 ਮਿਤੀ 27 ਜੁਲਾਈ 2025 ਪੀ.ਐਸ ਥਾਣਾ ਤਲਵੰਡੀ ਸਾਬੋ ਵਿਖੇ ਦਰਜ ਕੀਤੀ ਗਈ। ਇਹ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਦਿੱਤੀ।
ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਸਿਵਲ ਹਸਪਤਾਲ ਬਠਿੰਡਾ ਵਿੱਚ ਜਾਂਚ ਕਰ ਰਹੇ ਡਾਕਟਰਾਂ ਵੱਲੋਂ ਜਾਣੂੰ ਕਰਵਾਇਆ ਗਿਆ ਕਿ ਬੱਚੇ ਦੀ ਹਾਲਤ ਨਾਜ਼ੁਕ ਹੈ, ਜਿਸ ਤਹਿਤ ਬੱਚੇ ਨੂੰ ਅਗਲੇਰੇ ਇਲਾਜ਼ ਲਈ ਏਮਜ਼ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਬੱਚੇ ਦਾ ਇਲਾਜ ਚਲਦਾ ਰਿਹਾ। ਬੱਚਾ ਵਿਭਾਗ ਦੇ ਡਾਕਟਰਾਂ ਵੱਲੋਂ ਬਹੁਤ ਹੀ ਸੰਜੀਦਗੀ ਨਾਲ ਕੀਤੇ ਇਲਾਜ ਸਦਕਾ ਬੱਚਾ ਬਿਲਕੁਲ ਠੀਕ ਹੈ ਅਤੇ ਬੱਚੇ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਏਮਜ਼ ਹਸਪਤਾਲ ਦੇ ਡਾਕਟਰ ਅਤੇ ਮੈਨੇਜਮੈਂਟ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਅਗਲੇ ਹੁਕਮਾਂ ਤੱਕ ਰੈਡ ਕਰਾਸ (ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ) ਨਥਾਣਾ ਵਿਖੇ ਸ਼ਿਫਟ ਕਰ ਦਿੱਤਾ ਗਿਆ ਅਤੇ ਅਗਲੇਰੀ ਕਾਰਵਾਈ ਜੁਵੇਨਾਇਲ ਜਸਟਿਸ ਐਕਟ ਦੇ ਅਨੁਸਾਰ ਕੀਤੀ ਜਾਵੇਗੀ।