ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ 14 ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਛਾਪੇਮਾਰੀ : ਐਸਐਸਪੀ
ਕੋਟਕਪੂਰਾ, 10 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲੇ ਟਿਕਾਣਿਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸ ਤਹਿਤ ਫਰੀਦਕੋਟ ਪੁਲਿਸ ਨੇ ਡਾ: ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ’ਤੇ ’ਕੋਰਡਨ ਐਂਡ ਸਰਚ ਆਪਰੇਸ਼ਨ’ (ਕਾਸੋ) ਚਲਾਇਆ। ਮਨਵਿੰਦਰਬੀਰ ਸਿੰਘ, ਐਸ.ਪੀ. (ਸਥਾਨਕ), ਫਰੀਦਕੋਟ ਅਤੇ ਸੰਦੀਪ ਕੁਮਾਰ, ਐਸ.ਪੀ (ਇਨਵੈਸਟੀਗੇਸ਼ਨ), ਫਰੀਦਕੋਟ ਦੀ ਅਗਵਾਈ ਵਿੱਚ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਸਵੇਰੇ 06:00 ਵਜੇ ਤੋਂ ਸਵੇਰੇ 8:30 ਵਜੇ ਤੱਕ ਢਾਈ ਘੰਟੇ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਦੀਆਂ 8 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲੀਸ ਟੀਮਾਂ ਨੇ ਛਾਪੇਮਾਰੀ ਕਰਕੇ ਅਜਿਹੇ ਵਿਅਕਤੀਆਂ ਦੀ ਤਲਾਸ਼ੀ ਲਈ ਜਿਨ੍ਹਾਂ ਖ਼ਿਲਾਫ਼ ਐਨਡੀਪੀਐਸ ਤਹਿਤ ਕੇਸ ਦਰਜ ਹਨ ਅਤੇ ਜਿਨ੍ਹਾਂ ਦਾ ਅਪਰਾਧਿਕ ਰਿਕਾਰਡ ਸੀ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਸ਼ੱਕ ਦੇ ਆਧਾਰ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸਰਚ ਅਭਿਆਨ ਦੌਰਾਨ ਇਲਾਕੇ ਦੀ ਨਾਕਾਬੰਦੀ ਕੀਤੀ ਗਈ, ਪ੍ਰਵੇਸ਼ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਅਤੇ ਪਯਾਸ ਐਪ ਰਾਹੀਂ ਸ਼ੱਕੀ ਲੋਕਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਡਰੋਨ ਕੈਮਰਿਆਂ ਰਾਹੀਂ ਸ਼ੱਕੀ ਥਾਵਾਂ ’ਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਪ੍ਰਗਿਆ ਜੈਨ ਨੇ ਦੱਸਿਆ ਕਿ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਸਾਰੇ ਕੇਸਾਂ ਦੀ ਸਖ਼ਤੀ ਨਾਲ ਜਾਂਚ ਕਰਨ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਰਚ ਅਭਿਆਨ ਦੌਰਾਨ ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ 08 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਲੋਕਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਰਾਊਂਡ ਅਪ ਵੀ ਕੀਤਾ ਗਿਆ।