ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ, ਕੱਢਿਆ ਰੋਸ ਮਾਰਚ
ਕੋਟਕਪੂਰਾ, 13 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਲਗਾਤਾਰ ਕੀਤੀ ਜਾ ਰਹੀ ਆਨਾਕਾਨੀ ਖ਼ਿਲਾਫ਼ ਫਰੀਦਕੋਟ ਜ਼ਿਲ੍ਹੇ ਦੇ ਸੈਂਕੜੇ ਅਧਿਆਪਕਾਂ ਅਤੇ ਭਰਾਤਰੀ ਜੱਥੇਬੰਦੀਆਂ ਨੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਫਰੀਦਕੋਟ ਦੇ ਸੱਦੇ ’ਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵੱਲੋਂ ਕੀਤੇ ਝੂਠੇ ਵਾਅਦਿਆਂ ਦੀ ਪੰਡ ਨੂੰ ਲਾਂਬੂ ਲਾਇਆ। ਇਸ ਸਮੇਂ ਅਧਿਆਪਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜ਼ਿਲ੍ਹਾ ਸਕੱਤਰ ਗਗਨ ਪਾਹਵਾ ਨੇ ਦੋਸ਼ ਲਾਇਆ ਕਿ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲੀ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ ਅਤੇ ਆਪਣੇ ਚੋਣ ਮੈਨੀਫੈਸਟੋ ਵਿੱਚ ਲਿਖਤੀ ਰੂਪ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਗਰੰਟੀ ਵੀ ਕੀਤੀ ਗਈ ਸੀ ਪਰ ਲਗਭਗ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੈਨਸ਼ਨ ਬਹਾਲੀ ਸਬੰਧੀ ਲਗਾਤਾਰ ਟਾਲ-ਮਟੋਲ ਕੀਤੀ ਜਾ ਰਹੀ ਹੈ। ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ’ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਯੂਨੀਫਾਈਡ (ਯੂ.ਪੀ.ਐੱਸ.) ਪੈਨਸ਼ਨ ਸਕੀਮ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ, ਜ਼ਿਲ੍ਹਾ ਕਮੇਟੀ ਮੈਂਬਰ ਕੁਲਵਿੰਦਰ ਸਿੰਘ ਬਰਾੜ, ਗੁਰਸੇਵਕ ਸਿੰਘ, ਰਵਿੰਦਰਪਾਲ ਰਿੰਪੀ, ਜਸਪ੍ਰੀਤ ਸਿੰਘ ਸੰਧੂ ਅਤੇ ਵਿੱਤ ਸਕੱਤਰ ਪਰਦੀਪ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਨਵੰਬਰ 2022 ਵਿੱਚ ਆਪ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਪੇਂਡੂ ਭੱਤੇ ਸਮੇਤ ਸੂਬੇ ਦੇ ਮੁਲਾਜ਼ਮਾਂ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਨੂੰ ਬਹਾਲ ਕਰਨ ਤੋਂ ਮੁਨਕਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ, ਏ.ਸੀ.ਪੀ. ਸਕੀਮ ਚਾਲੂ ਕਰਾਉਣ, ਕੰਪਿਊਟਰ ਅਧਿਆਪਕਾਂ, ਐਨਐਸਕਿਉਂਐਫ਼, ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਕਰਾਉਣ, ਹਿੱਤ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਸਮੇਂ ਭਰਾਤਰੀ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਫਰੀਦਕੋਟ, ਟੀ.ਐਸ.ਯੂ. ਫਰੀਦਕੋਟ, 6505 ਅਧਿਆਪਕ ਯੂਨੀਅਨ, ਈ.ਟੀ.ਯੂ. ਫਰੀਦਕੋਟ ਨੇ ਵੀ ਸ਼ਿਰਕਤ ਕੀਤੀ। ਉਹਨਾਂ ਜੱਥੇਬੰਦੀਆਂ ਦੇ ਆਗੂਆਂ ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ ਅਤੇ ਪ੍ਰੀਤ ਭਗਵਾਨ ਨੇ ਵੀ ਇਸ ਰੋਸ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਸਾਰੇ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਪਿੰਡ ਸੰਧਵਾਂ ਵਿੱਚ ਰੋਸ ਮਾਰਚ ਕੱਢਿਆ ਅਤੇ ਪੁਰਾਣੀ ਪੈਨਸ਼ਨ ਦੇ 2022 ਦੇ ਨੋਟੀਫਿਕੇਸ਼ਨ ਦਾ ਪੁਤਲਾ ਫੂਕਿਆ। ਇਸ ਦੋ ਘੰਟੇ ਤੱਕ ਚੱਲੇ ਧਰਨੇ ਮੌਕੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਘਣੀਆ, ਅਜਾਇਬ ਸਿੰਘ, ਕਰਨਵੀਰ ਸਿੰਘ ਬਰਾੜ, ਅਮਨਦੀਪ ਸਿੰਘ ਜੱਸਲ, ਨਵਪ੍ਰੀਤ ਸਿੰਘ ਬਰਾੜ, ਕੰਵਲਜੀਤ ਸਿੰਘ, ਦਿਲਬਾਗ ਸਿੰਘ ਬਰਾੜ, ਹਰਜੀਤ ਸਿੰਘ, ਗੁਰਤੇਜ ਸਿੰਘ ਖਹਿਰਾ, ਸੁਨੀਤਾ ਪਾਹਵਾ, ਬਲਜਿੰਦਰ ਕੌਰ, ਪ੍ਰਭਜੋਤ ਕੌਰ ਅਤੇ ਹੋਰ ਸੈਕੜੇ ਅਧਿਆਪਕ ਹਾਜ਼ਰ ਸਨ।