ਹੁਣ 29 ਅਗਸਤ ਨੂੰ ਸਾਂਝਾ ਫਰੰਟ ਨਾਲ ਮੀਟਿੰਗ ਕਰਨ ਦਾ ਪੱਤਰ ਕੀਤਾ ਜਾਰੀ
ਫਰੀਦਕੋਟ , 20 ਅਗਸਤ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਮਸਲੇ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ ਕਮੇਟੀ ਕਿੰਨੀ ਕੁ ਸੰਜੀਦਾ ਹੈ ਇਸ ਗੱਲ ਦੀ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੂੰ ਮੀਟਿੰਗਾਂ ਲਈ ਸਮਾਂ ਦੇ ਕੇ ਐਨ ਮੌਕੇ ਤੇ ਆ ਕੇ ਮੀਟਿੰਗਾਂ ਮੁਲਤਵੀ ਕਰਨ ਦਾ ਰਿਕਾਰਡ ਕੈਬਨਿਟ ਸਬ ਕਮੇਟੀ ਵੱਲੋਂ ਤੋੜਿਆ ਜਾ ਰਿਹਾ ਹੈ। ਇਸ ਕੈਬਨਿਟ ਸਬ ਕਮੇਟੀ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨਾਲ ਆਖਰੀ ਵਾਰ 25 ਅਪ੍ਰੈਲ ਨੂੰ ਮੀਟਿੰਗ ਕੀਤੀ ਗਈ ਸੀ ਇਸ ਤੋਂ ਬਾਅਦ 30 ਅਪ੍ਰੈਲ ,26 ਜੂਨ,15 ਜੁਲਾਈ ,29 ਜੁਲਾਈ ਨੂੰ ਮੀਟਿੰਗਾਂ ਨੀਯਤ ਕੀਤੀਆਂ ਗਈਆਂ ਹਰ , ਵਾਰ ਮੀਟਿੰਗਾਂ ਲਈ ਸਮਾਂ ਤੈਅ ਕਰਕੇ ਮੁਲਤਵੀ ਕਰਨ ਤੇ ਕੈਬਨਿਟ ਸਬ ਕਮੇਟੀ ਦੇ ਇਸ ਵਤੀਰੇ ਵਿਰੁੱਧ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਵੱਲੋਂ ਉਲੀਕੇ ਐਕਸ਼ਨ ਪ੍ਰੋਗਰਾਮ ਅਨੁਸਾਰ 5 ਅਗਸਤ ਤੋਂ 12 ਅਗਸਤ ਤੱਕ ਪੰਜਾਬ ਵਿੱਚ ਵੱਖ-ਵੱਖ ਤਹਿਸੀਲਾਂ ਅਤੇ ਜ਼ਿਲ੍ਹਾ ਪੱਧਰਾਂ ਤੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਪੁਤਲੇ ਵੀ ਫੂਕੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਦੇ ਕੰਨਾਂ ਤੇ ਕੋਈ ਜੂੰ ਨਹੀਂ ਸਰਕ ਰਹੀ। ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22 ਬੀ,ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਕਈ ਮੀਟਿੰਗਾਂ ਮਲਤਵੀ ਹੋਣ ਤੋਂ ਬਾਅਦ 20 ਅਗਸਤ ਨੂੰ ਮੀਟਿੰਗ ਦਾ ਲਿਖਤੀ ਸੱਦਾ ਦਿੱਤਾ ਗਿਆ ਸੀ ਅਤੇ ਅੱਜ ਪੰਜਾਬ ਸਰਕਾਰ ਨੇ ਲਿਖਤੀ ਪੱਤਰ ਜਾਰੀ ਕਰਕੇ 20 ਅਗਸਤ ਨੂੰ ਹੋਣ ਵਾਲੀ ਮੀਟਿੰਗ 29 ਅਗਸਤ ਦੀ ਤੈਅ ਕਰ ਦਿੱਤੀ ਗਈ ਹੈ। ਆਗੂਆਂ ਨੇ ਕੈਬਨਿਟ ਸਬ ਕਮੇਟੀ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਮਾੜੇ ਵਤੀਰੇ ਵਿਰੁੱਧ ਅਗਲੇ ਐਕਸਨ ਪ੍ਰੋਗਰਾਮ ਉਲੀਕਣ ਲਈ ਪੰਜਾਬ ਮੁਲਾਜ਼ਮ ਤੇ ਪੈਨਸਨਰ ਸਾਂਝਾ ਫਰੰਟ ਵੱਲੋਂ ਮਿਤੀ 23 ਅਗਸਤ ਨੂੰ ਸੁਬਾਈ ਮੀਟਿੰਗ ਲੁਧਿਆਣਾ ਵਿਖੇ ਸੱਦੀ ਗਈ ਹੈ।