ਫ਼ਰੀਦਕੋਟ 22 ਅਗਸਤ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਅੱਜ ਗੁਰਜਿੰਦਰ ਸਿੰਘ ਜਿਲਾ ਪ੍ਰਧਾਨ ਫਰੀਦਕੋਟ ਵੱਲੋਂ ਦੱਸਿਆ ਗਿਆ ਕਿ ਐੱਨ ਐੱਸ ਕਿਉ ਐੱਫ (ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ) ਵੋਕੇਸ਼ਨਲ ਅਧਿਆਪਕ ਫਰੰਟ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ 20 ਅਗਸਤ ਨੂੰ ਚੰਡੀਗੜ੍ਹ ਵਿੱਚ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਹਨਾਂ ਦੇ 11 ਸਾਲਾਂ ਤੋਂ ਲਟਕਦੇ ਮਸਲਿਆਂ ਦਾ ਹੱਲ ਨਾ ਨਿਕਲਿਆ, ਤਾਂ 24 ਅਗਸਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਫਰੰਟ ਦੇ ਆਗੂਆਂ ਨੇ ਸਰਕਾਰ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਉਹਨਾਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਦੇ ਬਹਾਨੇ ਵਾਅਦਿਆਂ ਤੋਂ ਮੁਕਰ ਜਾਂਦੀ ਹੈ ਅਤੇ ਅਧਿਕਾਰੀ ਟਾਲ-ਮਟੋਲ ਦਾ ਰਵੱਈਆ ਅਪਣਾ ਰਹੇ ਹਨ। ਐੱਨਐੱਸਕਿਉਐੱਫ ਵੋਕੇਸ਼ਨਲ ਅਧਿਆਪਕ, ਜੋ ਸਰਕਾਰੀ ਸਕੂਲਾਂ ਵਿੱਚ ਆਊਟਸੋਰਸ ਸਕੀਮ ਅਧੀਨ ਪ੍ਰਾਈਵੇਟ ਕੰਪਨੀਆਂ ਰਾਹੀਂ ਭਰਤੀ ਕੀਤੇ ਜਾਂਦੇ ਹਨ, ਨੂੰ ਨੌਕਰੀ ਵਿੱਚ ਅਨੇਕ ਸਮੱਸਿਆਵਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ।
ਕੁਲਦੀਪ ਕੁਮਾਰ ਵਿੱਤ ਸਕੱਤਰ ਜਿਲਾ ਫਰੀਦਕੋਟ ਨੇ ਦੱਸਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਨ ਸਰਕਾਰ ਨੇ
ਆਊਟਸੋਰਸ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਵੀ ਅਧਿਆਪਕਾਂ ਨਾਲ ਮਤਰੇਈ ਮਾਂ ਵਰਗਾ ਵਿਵਹਾਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਚਿੰਤਾ ਜ਼ਾਹਰ ਕੀਤੀ ਕਿ ਅਧਿਆਪਕਾਂ ਨੂੰ ਨਿਗੂਣੀਆਂ ਤਨਖ਼ਾਹਾਂ ਮਿਲਦੀਆਂ ਹਨ ਅਤੇ ਉਹਨਾਂ ਨੂੰ ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਡਿਊਟੀ ਕਰਨੀ ਪੈਂਦੀ ਹੈ। ਨੌਕਰੀ ਦੀ ਸੁਰੱਖਿਆ ਦਾ ਅਭਾਵ ਅਤੇ ਟਰਾਂਸਫਰ ਸਕੀਮ ਦੀ ਗੈਰ-ਮੌਜੂਦਗੀ ਨੇ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਤੋਂ ਇਲਾਵਾ, ਪ੍ਰਾਈਵੇਟ ਕੰਪਨੀਆਂ ਵੱਲੋਂ ਮੁਲਾਜ਼ਮਾਂ ਦਾ ਸ਼ੋਸ਼ਣ ਵੀ ਲਗਾਤਾਰ ਜਾਰੀ ਹੈ।
NSQF ਫਰੰਟ ਨੇ ਸਰਕਾਰ ਤੋਂ ਮੰਗ ਕੀਤੀ ਕਿ ‘ਬਰਾਬਰ ਕੰਮ, ਬਰਾਬਰ ਤਨਖ਼ਾਹ’ ਦਾ ਸਿਧਾਂਤ ਲਾਗੂ ਕੀਤਾ ਜਾਵੇ ਅਤੇ ਅਧਿਆਪਕਾਂ ਨੂੰ ਆਊਟਸੋਰਸ ਸਕੀਮ ਤੋਂ ਹਟਾ ਕੇ ਸਿੱਧੇ ਵਿਭਾਗ ਦੇ ਕੰਟਰੈਕਟ ’ਤੇ ਲਿਆਂਦਾ ਜਾਵੇ। ਉਹਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਜਿਲ੍ਹਾ ਫ਼ਰੀਦਕੋਟ ਕਮੇਟੀ ਮੈਂਬਰ ਜਤਿੰਦਰ ਸੰਧਾ, ਰਮਨਦੀਪ ਗਿੱਲ, ਸਤਨਾਮ ਸਿੰਘ, ਸੁਨੀਲ ਕੁਮਾਰ, ਗੁਰਮੀਤ ਸਿੰਘ ਅਤੇ ਗੁਰਜੰਟ ਸਿੰਘ ਤੇ ਹੋਰ ਮੈਬਰਾਂ ਨੇ ਵੀ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਅਧਿਆਪਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।