ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਕੋਟਕਪੂਰਾ, 24 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਸੇਨੇਟ ਹਾਲ ਵਿੱਚ ਨਸ਼ਾ ਮੁਕਤੀ ਅਤੇ ਨਸ਼ੇ ਨਾਲ ਸਬੰਧਤ ਬਿਮਾਰੀਆਂ ਦੇ ਪ੍ਰਬੰਧਨ ਲਈ ਪੰਜ ਦਿਨਾਂ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਹ ਵਰਕਸ਼ਾਪ ਨੈਸ਼ਨਲ ਐਕਸ਼ਨ ਪ੍ਰੋਗਰਾਮ ਫਾਰ ਡਰੱਗ ਡਿਮਾਂਡ ਰਿਡਕਸ਼ਨ ਤਹਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਕਲਸਟਰ ਰਿਸੋਰਸ ਸੈਂਟਰ ਵੱਲੋਂ ਆਯੋਜਿਤ ਕੀਤੀ ਗਈ ਹੈ। ਇਸਦਾ ਮੁੱਖ ਉਦੇਸ਼ ਵੱਖ-ਵੱਖ ਜ਼ਿਲ੍ਹਿਆਂ ਦੇ ਮੈਡੀਕਲ ਅਧਿਕਾਰੀਆਂ ਨੂੰ ਮਾਨਸਿਕ ਸਿਹਤ ਅਤੇ ਡੀ-ਐਡੀਕਸ਼ਨ ਸੇਵਾਵਾਂ ਦੇ ਖੇਤਰ ਵਿੱਚ ਵਧੀਆ ਗਿਆਨ ਅਤੇ ਹੁਨਰ ਪ੍ਰਦਾਨ ਕਰਨਾ ਹੈ। ਮੁੱਖ ਮਹਿਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ “ਨਸ਼ਿਆਂ ਦੇ ਖ਼ਿਲਾਫ਼ ਲੜਾਈ ਸਿਰਫ਼ ਇੱਕ ਚੁਣੌਤੀ ਨਹੀਂ, ਸਗੋਂ ਸਮਾਜਕ ਜ਼ਿੰਮੇਵਾਰੀ ਹੈ। ਮੈਡੀਕਲ ਟੀਮਾਂ ਨੂੰ ਮਾਹਿਰ ਬਣਾਉਣ ਨਾਲ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਵੱਡੀ ਸਫ਼ਲਤਾ ਹਾਸਲ ਕਰ ਰਹੀ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਿਆ ਜਾ ਰਿਹਾ ਹੈ ਓਥੇ ਹੀ ਉਹਨਾਂ ਦੇ ਪੁਨਰਵਾਸ ਲਈ ਉਹਨਾਂ ਨੂੰ ਸਕਿੱਲ ਟ੍ਰੇਨਿੰਗ ਕਾਰਵਾਈ ਜਾ ਰਹੀ ਹੈ ਤਾਂ ਜੋ ਉਹ ਅਪਣਾ ਜੀਵਨ ਮੁੜ ਤੋਂ ਸ਼ੁਰੂ ਕਰ ਸਕਣ।
ਉਨ੍ਹਾਂ ਦੱਸਿਆ ਕਿ ਵਰਕਸ਼ਾਪ ਦੌਰਾਨ ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਮੁਕਤਸਰ ਸਾਹਿਬ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ 180 ਮੈਡੀਕਲ ਅਫ਼ਸਰਾਂ ਨੂੰ ਛੇ ਬੈਚਾਂ ਵਿੱਚ ਪੰਜ-ਪੰਜ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਸਮੂਹ ਡਾਕਟਰਾਂ, ਨਰਸਿੰਗ ਸਟਾਫ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬੰਨ੍ਹ ਜਾਵੇਗਾ। ਇਸ ਮੌਕੇ ਗੁਰਕਰਨਦੀਪ ਸਿੰਘ ਸਿੱਧੂ ਜੀ ਏ, ਡੀਨ ਕਾਲਜ ਦੀਪਕ ਜੌਨ ਭੱਟੀ, ਐਡੀਸ਼ਨਲ ਰਜਿਸਟਰਾਰ ਡਾ. ਰੋਹਿਤ ਚੋਪੜਾ, ਸਿਵਲ ਸਰਜਨ ਡਾ. ਚੰਦਰ ਸ਼ੇਖਰ, ਮੈਡੀਕਲ ਸੁਪਰਿੰਟੈਂਡੈਂਟ ਡਾ. ਨੀਤੂ ਕੁੱਕੜ ਅਤੇ ਡਾ. ਸੀਮਾ ਭੱਟੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਆਪ ਆਗੂ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।