ਕੋਟਕਪੂਰਾ, 9 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ)
ਪੰਜਾਬ ਪੈਨਸ਼ਨਰਜ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ) ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਮਾਨ, ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮਨਾਥ ਅਰੋੜਾ ਅਤੇ ਤਰਸੇਮ ਨਰੂਲਾ ਨੇ ਦੱਸਿਆ ਹੈ ਕਿ ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਮਿਤੀ 16 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ ਠੀਕ 10:00 ਵਜੇ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਕੋਟਕਪੂਰਾ ਵਿਖੇ ਰੱਖੀ ਗਈ ਹੈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਬਹੁਤ ਸਾਰੇ ਜਿਲ੍ਹਿਆਂ ਵਿੱਚ ਪਿਛਲੇ ਦਿਨਾਂ ਦੌਰਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਕਰਕੇ ਪੀੜਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਸਬੰਧੀ ਵਿਚਾਰ ਵਟਾਂਦਰਾ ਕਰਕੇ ਅਗਲੇ ਫੈਸਲੇ ਲਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਆਗੂਆਂ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ 13 ਸਤੰਬਰ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਐਕਸ਼ਨ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਮਾਜ ਭਲਾਈ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਮਲੋਟ ਵਿਖੇ ਮਿਲਕੇ ਪੰਜਾਬ ਸਰਕਾਰ ਵੱਲੋਂ ਧਾਰਨ ਕੀਤੀ ਗਈ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ ਰੋਸ ਪੱਤਰ ਦੇਣ ਦੇ ਐਕਸ਼ਨ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।