ਫਰੀਦਕੋਟ 18 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਅੰਤਰਰਾਸ਼ਟਰੀ ਪੱਧਰ ’ਤੇ ਗਰੀਨ ਯੂਨੀਵਰਸਿਟੀ ਦਾ ਸਨਮਾਨ ਪ੍ਰਾਪਤ ਕਰਨ ਵਾਲੀ ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਅਧੀਨ ਸੇਵਾ ਪਖਵਾੜਾ ਮਨਾਇਆ ਜਾ ਰਿਹਾ ਹੈ। ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 17 ਸਤੰਬਰ ਤੋਂ ਸ਼ੁਰੂ ਹੋ ਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ 02 ਅਕਤੂਬਰ ਤੱਕ ਚੱਲਣ ਵਾਲੇ ਇਸ ਪਖਵਾੜੇ ਦੌਰਾਨ ਯੂਨੀਵਰਸਿਟੀ ਵੱਲੋਂ ਲੋਕ ਸੇਵਾ ਦੇ ਕਾਰਜ ਕੀਤੇ ਜਾਣਗੇ। ਰਾਜ ਦੇ ਵੱਖ-ਵੱਖ ਖੇਤਰਾਂ ਖਾਸ ਤੌਰ ’ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਏ ਜਾਣਗੇ। ਲੋੜਵੰਦਾਂ ਲਈ ਖੂਨ ਦਾਨ ਕਰਨ ਵਾਲੇ ਵਿਅਕਤੀਆਂ ਵੱਲੋਂ ਬਲੱਡ ਡੋਨੇਟ ਕੀਤਾ ਜਾਵੇਗਾ। ਹੜ੍ਹਾਂ ਦੇ ਪਾਣੀ ਨਾਲ ਚਮੜੀ ਅਤੇ ਹੋਰ ਰੋਗਾਂ ਤੋਂ ਪੀੜਤ ਵਿਅਕਤੀਆਂ ਦਾ ਚੈੱਕ ਅੱਪ ਕਰਕੇ ਉਨ੍ਹਾਂ ਨੂੰ ਯੂਨੀਵਰਸਿਟੀ ਵੱਲੋਂ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਅਤੇ ਜਿਲ੍ਹਾ ਪ੍ਰਧਾਨ ਜਗਦੀਸ਼ ਰਾਜ ਭਾਰਤੀ ਨੇ ਅੱਜ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਟਰੱਸਟ ਆਗੂਆਂ ਨੇ ਸੇਵਾ ਪਖਵਾੜਾ ਮਨਾਏ ਜਾਣ ਨੂੰ ਸ਼ਲਾਘਾਯੋਗ ਕਾਰਜ ਦੱਸਦੇ ਹੋਏ ਵਾਇਸ ਚਾਂਸਲਰ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਸੂਦ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਸਦਾ ਹੀ ਆਪਣੇ ਕਰਮਚਾਰੀਆਂ ਅਤੇ ਆਮ ਲੋਕਾਂ ਦੀ ਭਲਾਈ ਲਈ ਤਿਆਰ ਰਹਿੰਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਕਤ ਪਖਵਾੜੇ ਦੌਰਾਨ ਯੂਨੀਵਰਸਿਟੀ ਵੱਲੋਂ ਲਗਾਏ ਜਾਣ ਵਾਲੇ ਸਾਰੇ ਪ੍ਰੋਜੈਕਟਾਂ ਅਤੇ ਪ੍ਰੋਗਰਾਮਾਂ ਵਿੱਚ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਇਸ ਮੌਕੇ ਢੋਸੀਵਾਲ ਨੇ ਯੂਨੀਵਰਸਿਟੀ ਵੱਲੋਂ ਲਗਾਏ ਜਾਣ ਵਾਲੇ ਉਕਤ ਕੈਂਪਾਂ ਦੌਰਾਨ ਦਵਾਈਆਂ ਦੀ ਖਰੀਦ ਲਈ ਇੱਕੀ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਢੋਸੀਵਾਲ ਨੇ ਇੱਕੀ ਹਜ਼ਾਰ ਰੁਪਏ ਦੀ ਇਹ ਰਾਸ਼ੀ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਿਜ ਦੇ ਪ੍ਰਿੰਸੀਪਲ ਡਾ. ਸੰਜੇ ਗੁਪਤਾ ਰਾਹੀਂ ਯੂਨੀਵਰਸਿਟੀ ਨੂੰ ਭੇਂਟ ਕਰ ਦਿੱਤੀ। ਇਸ ਮੌਕੇ ਢੋਸੀਵਾਲ ਦੇ ਨਾਲ ਉਨ੍ਹਾਂ ਦੀ ਨੂੰਹ ਪ੍ਰੋ. ਵੰਦਨਾ ਢੋਸੀਵਾਲ ਵੀ ਮੌਜੂਦ ਸਨ। ਗੱਲਬਾਤ ਦੌਰਾਨ ਡਾ. ਸੰਜੇ ਗੁਪਤਾ ਨੇ ਇਸ ਨੇਕ ਕਾਰਜ ਲਈ ਯੂਨੀਵਰਸਿਟੀ ਵੱਲੋਂ ਢੋਸੀਵਾਲ ਪਰਿਵਾਰ ਦਾ ਧੰਨਵਾਦ ਕੀਤਾ।