ਕੋਟਕਪੂਰਾ, 21 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਆਗਮਨ-ਪੁਰਬ 2025 ਦੇ ਸਮਾਗਮ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਅਤੇ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਸਮੂਹ ਮੈਂਬਰ ਸਾਹਿਬਾਨ ਸ. ਚਰਨਜੀਤ ਸਿੰਘ ਸੇਖੋਂ, ਸ. ਦੀਪਇੰਦਰ ਸਿੰਘ ਸੇਖੋਂ, ਸ. ਗੁਰਜਾਪ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਸ. ਕੁਲਜੀਤ ਸਿੰਘ ਮੰਗੀਆਂ ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਜੀ ਦੀ ਦੇਖ-ਰੇਖ ਹੇਠ ਸ਼ੁਰੂ ਹੋਏ ਸਮਾਗਮਾਂ ਦੀ ਦੂਜੀ ਸ਼ਾਮ ਟਿੱਲਾ ਬਾਬਾ ਫ਼ਰੀਦ ਵਿਖੇ ਕਥਾ ਅਤੇ ਕੀਰਤਨ ਦਰਬਾਰ ਆਯੋਜਿਤ ਕੀਤੇ ਗਏ। ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਸ਼ਾਮ ਦੇ ਸਮੇਂ ਗੁ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕਥਾ ਵਾਚਕ ਭਾਈ ਬਚਿੱਤਰ ਸਿੰਘ ਜੀ, ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜੱਥਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਮ੍ਰਿੰਤਸਰ ਸਾਹਿਬ ਨੇ ਆਪਣੀਆਂ ਮਧੁਰ ਧੁਨਾਂ ਰਾਹੀਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਆਏ ਹੋਏ ਮਹਿਮਾਨਾਂ ਨੂੰ ਕਮੇਟੀ ਵੱਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਗਮਨ-ਪੁਰਬ ਨੂੰ ਸਮਰਪਿਤ 21 ਸਤੰਬਰ ਨੂੰ ਕਥਾ ਅਤੇ ਕੀਰਤਨ ਸਮਾਗਮ ਅਤੇ 22 ਸਤੰਬਰ ਨੂੰ ਕੀਰਤਨ ਸਮਾਗਮ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ਼ਾਮ 7.00 ਵਜੇ ਤੋਂ ਸ਼ੁਰੂ ਹੋ ਕੇ ਰਾਤ 9.00 ਵਜੇ ਤੱਕ ਹੋਇਆ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਬਾਬਾ ਫ਼ਰੀਦ ਜੀ ਦੇ ਪਾਵਨ ਅਸਥਾਨਾਂ ‘ਤੇ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ।