ਪ੍ਰਧਾਨ ਮੰਤਰੀ ਨੇ ਜੀ.ਐਸ.ਟੀ. ‘ਚ ਕਟੌਤੀ ਕਰਕੇ ਦੇਸ਼ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ : ਮਨਜੀਤ ਨੇਗੀ
ਕੋਟਕਪੂਰਾ, 27 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਘਰੇਲੂ ਉਤਪਾਦ ਅਤੇ ਖੇਤੀਬਾੜੀ ਨਾਲ ਸਬੰਧਤ ਸੰਦਾਂ ‘ਤੇ ਜੀਐਸਟੀ ਦੀਆਂ ਦਰਾਂ ‘ਚ ਭਾਰੀ ਕਟੌਤੀ ਕਰਕੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਤੇ ਕਿਸਾਨਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕੋਟਕਪੂਰਾ ਦੇ ਜਨਰਲ ਸਕੱਤਰ ਮਨਜੀਤ ਨੇਗੀ ਨੇ ਕੀਤਾ। ਉਹਨਾਂ ਜੀ.ਐਸ.ਟੀ. ਦਰਾਂ ‘ਚ ਕੀਤੀ ਕਟੌਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੀ.ਐਸ.ਟੀ. ਦਰਾਂ ‘ਚ ਕਟੌਤੀ ਕਰਨ ਨਾਲ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਵਿਕਾਸ ਦੇ ਨਾਲ-ਨਾਲ ਦੇਸ਼ ਵਾਸੀਆਂ ਦੇ ਵਿਕਾਸ ਲਈ ਵਚਨਬੱਧ ਹੈ। ਮਨਜੀਤ ਨੇਗੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕੇਂਦਰ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਹੋਰ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਸਮਾਜ ਦਾ ਹਰ ਵਰਗ ਆਰਥਿਕ ਪੱਖੋ ਮਜਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਦਾਨ ਸੂਬਾ ਹੈ, ਸੂਬੇ ਦੇ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋਣ ਨਾਲ ਹੀ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਜੁੜੀ ਹੋਈ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਤੇ ਕਿਸਾਨੀ ਨੂੰ ਲੈ ਕੇ ਹਮੇਸ਼ਾ ਸੁਹਿਰਦ ਰਹੇ ਹਨ।