*ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ*
ਕੋਟਕਪੂਰਾ, 2 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰਕੇ ਕਾਲਜ ਪ੍ਰਿੰਸੀਪਲ ਰਾਹੀਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਮੰਗ ਪੱਤਰ ਭੇਜਿਆ ਗਿਆ। ਗੱਲਬਾਤ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਸੁਖਬੀਰ ਸਿੰਘ ਅਤੇ ਜਸਨੀਤ ਸਿੰਘ ਨੇ ਦੱਸਿਆ ਕਿ ਨਵੀਂ ਸਿੱਖਿਆ ਨੀਤੀ ਅਧੀਨ 2020 ਅਧੀਨ ਪਿਛਲੇ ਸਾਲ ਜਿਨ੍ਹਾ ਵਿਦਿਆਰਥੀਆਂ ਨੇ ਗ੍ਰੈਜੂਏਸ਼ਨ ਭਾਗ ਪਹਿਲਾ ਵਿੱਚ ਦਾਖਲਾ ਲਿਆ ਸੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਉਹਨਾਂ ਵਿਦਿਆਰਥੀਆਂ ਦਾ ਪਹਿਲੇ ਸੈਮਸਟਰ ਦਾ ਨਤੀਜਾ 19 ਸਤੰਬਰ ਨੂੰ ਜਾਰੀ ਕੀਤਾ ਸੀ। ਬਹੁਤ ਸਾਰੇ ਵਿਦਿਆਰਥੀਆਂ ਨੇ ਉਹ ਨਤੀਜਾ ਦੇਖ ਕੇ ਆਪਣੇ ਕੋਲ ਰੱਖ ਲਿਆ । ਕੁਝ ਸਮੇਂ ਬਾਅਦ ਹੀ ਯੂਨੀਵਰਸਿਟੀ ਨੇ ਕਿਹਾ ਕਿ ਨਤੀਜਾ ਠੀਕ ਨਹੀਂ ਹੈ ਅਤੇ ਨਤੀਜੇ ਨੂੰ ਦੁਬਾਰਾ ਜਾਰੀ ਕੀਤਾ। ਦੁਬਾਰਾ ਜਾਰੀ ਕੀਤੇ ਹੋਏ ਨਤੀਜੇ ਵਿੱਚ ਬਹੁਤ ਸਾਰੇ ਵਿਦਿਆਰਥੀ ਫੇਲ ਕਰ ਦਿੱਤੇ ਗਏ ਅਤੇ ਬਹੁਤ ਸਾਰੇ ਵਿਦਿਆਰਥੀਆਂ ਦੇ ਨੰਬਰ ਘੱਟ ਕਰ ਦਿੱਤੇ ਗਏ।
ਆਗੂਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਇਹ ਸਭ ਜਾਣ ਬੁੱਝ ਕੇ ਵਿਦਿਆਰਥੀਆਂ ਨੂੰ ਖੱਜਲ ਖਰਾਬ ਕਰ ਰਹੀ ਹੈ। ਬਹੁਤ ਵਿਦਿਆਰਥੀ ਨਤੀਜਾ ਖ਼ਰਾਬ ਹੋਣ ਕਰਕੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰ ਰਹੇ ਹਨ। ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ ਬਿਲਕੁਲ ਨਜਾਇਜ਼ ਤਰੀਕੇ ਨਾਲ ਵਿਦਿਆਰਥੀਆਂ ਦਾ ਨਤੀਜਾ ਖ਼ਰਾਬ ਕਰਕੇ ਸਪਲੀਆਂ ਜ਼ਰੀਏ ਵਿਦਿਆਰਥੀਆਂ ਤੋਂ ਪੈਸਾ ਇਕੱਠਾ ਕਰਨ ਦੀ ਵਿਊਂਤ ਬਣਾਈ। ਪੰਜਾਬ ਸਟੂਡੈਂਟਸ ਦੇ ਆਗੂ ਗੁਰਜਸਪਾਲ ਫ਼ਰੀਦਕੋਟ ਨੇ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਵਿਦਿਆਰਥੀਆਂ ਨਾਲ ਹੁੰਦੇ ਇਸ ਧੱਕੇ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਦਿਆਰਥੀਆਂ ਨੂੰ ਖੱਜਲ ਖ਼ਰਾਬ ਕਰਨਾ ਬੰਦ ਕਰੇ ਅਤੇ ਜਾਰੀ ਕੀਤੇ ਨਤੀਜਿਆਂ ਦੀ ਜਾਂਚ ਕਰਕੇ ਸਹੀ ਨਤੀਜੇ ਵਿਦਿਆਰਥੀਆਂ ਸਾਹਮਣੇ ਰੱਖੇ ਜਾਣ। ਆਗੂਆਂ ਨੇ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਦਿਆਰਥੀਆਂ ਦੀ ਇਸ ਮੰਗ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਵਿਦਿਆਰਥੀ ਵੱਡਾ ਸੰਘਰਸ਼ ਕਰਨਗੇ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਹਰਜੋਤ ਸਿੰਘ, ਬਲਜਿੰਦਰ ਸਿੰਘ, ਵਿਨੋਦ ਕੁਮਾਰ, ਸਿਮਰਨਜੀਤ ਕੌਰ ਆਦਿ ਹਾਜ਼ਰ ਸਨ।