ਲੋਕਾਂ ਨੂੰ ਹੋਰ ਬਿਹਤਰ ਮਿਲੇਗੀ ਬਿਜਲੀ ਸਪਲਾਈ ਦੀ ਸਹੂਲਤ : ਵਿਧਾਇਕ ਸੇਖੋਂ
ਫਰੀਦਕੋਟ/ਕੋਟਕਪੂਰਾ, 4 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਫ਼ਰੀਦਕੋਟ ਸ਼ਹਿਰ ਵਿੱਚ ਦੋ ਨਵੇਂ 200 ਕੇ.ਵੀ.ਏ. ਟਰਾਂਸਫਾਰਮਰਾਂ ਦਾ ਉਦਘਾਟਨ ਕੀਤਾ ਗਿਆ, ਜਿਸ ਵਿੱਚ ਪਹਿਲਾ ਟਰਾਂਸਫਾਰਮਰ ਮੋਂਗਾ ਸਵੀਟ ਹਾਊਸ, ਮੇਨ ਬਜ਼ਾਰ ਦੇ ਸਾਹਮਣੇ ਲਾਇਆ ਗਿਆ ਹੈ, ਜਦਕਿ ਦੂਜਾ ਪੁਰਾਣੀ ਸਬਜ਼ੀ ਮੰਡੀ ਵਿੱਚ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਵੇਂ ਟਰਾਂਸਫਾਰਮਰਾਂ ਦੀ ਸਥਾਪਨਾ ਨਾਲ ਇਲਾਕੇ ਵਿੱਚ ਬਿਜਲੀ ਦੀ ਗੁਣਵੱਤਾ ਅਤੇ ਸਪਲਾਈ ਹੋਰ ਮਜ਼ਬੂਤ ਹੋਵੇਗੀ। ਖ਼ਾਸ ਕਰਕੇ ਵਪਾਰਕ ਖੇਤਰ ਅਤੇ ਰਿਹਾਇਸ਼ੀ ਇਲਾਕੇ ਦੇ ਲੋਕਾਂ ਨੂੰ ਹੁਣ ਵੱਧ ਸਹੂਲਤ ਮਿਲੇਗੀ ਅਤੇ ਬਿਜਲੀ ਸਬੰਧੀ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੱਧ ਤੋਂ ਵੱਧ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਟਰਾਂਸਫਾਰਮਰ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਬਿਜਲੀ ਦੀਆਂ ਸਮੱਸਿਆਵਾਂ ਦਾ ਹੱਲ ਸਾਬਤ ਹੋਣਗੇ। ਇਸ ਮੌਕੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਅਮਰਜੀਤ ਸਿੰਘ ਪਰਮਾਰ, ਪ੍ਰੀਤਮ ਸਿੰਘ ਭਾਣਾ, ਰਿੰਕੂ ਸਮਾਧਾ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।