ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ
ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚੋਂ ਮਿਤੀ 1 ਜਨਵਰੀ 2016 ਤੋਂ 30 ਜੂਨ 2021ਦਰਮਿਆਨ ਸੇਵਾ ਮੁਕਤ ਹੋਏ ਬਹੁਤ ਸਾਰੇ ਪੈਨਸ਼ਨਰਾਂ ਨੂੰ ਆਪਣੀ ਸੋਧੀ ਹੋਈ ਲੀਵ ਇਨਕੈਸ਼ਮੈਂਟ ਲੈਣ ਲਈ ਲਗਾਤਾਰ ਜਥੇਬੰਦਕ ਅਤੇ ਕਾਨੂੰਨੀ ਜਦੋਜਹਿਦ ਕਰਨੀ ਪੈ ਰਹੀ ਹੈ। ਇਸ ਹੱਕੀ ਅਤੇ ਜਾਇਜ਼ ਮੰਗ ਨੂੰ ਪ੍ਰਵਾਨ ਕਰਨ ਸਬੰਧੀ ਉਸ ਸਮੇਂ ਬੁਰ ਪਿਆ ਜਦੋਂ ਵਿੱਤ ਵਿਭਾਗ ਪੰਜਾਬ ਸਰਕਾਰ ਵੱਲੋਂ ਮਿਤੀ 18,ਫਰਵਰੀ 2025 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਰਾਹੀਂ ਸੋਧੀ ਹੋਈ ਲੀਵ ਇਨਕੈਸ਼ਮੈਂਟ ਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਚਾਰ ਛਿਮਾਹੀ ਕਿਸ਼ਤਾਂ ਜਿਵੇਂ ਕਿ ਮਹੀਨਾ ਅਪ੍ਰੈਲ 2025, ਅਕਤੂਬਰ 2025, ਅਪ੍ਰੈਲ 2026 ਅਤੇ ਅਕਤੂਬਰ 2026 ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਮਹੀਨਾ ਅਪ੍ਰੈਲ 2025 ਦੌਰਾਨ ਮਿਲਣ ਵਾਲੀ ਪਹਿਲੀ ਕਿਸ਼ਤ ਦੀ ਅਦਾਇਗੀ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਪੰਜਾਬ ਦੇ ਖਜ਼ਾਨਾ ਦਫਤਰਾਂ ਸਾਹਮਣੇ 3 ਜੁਲਾਈ ਨੂੰ ਪੰਜਾਬ ਦੇ ਖਜ਼ਾਨਾ ਦਫਤਰਾਂ ਸਾਹਮਣੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਪੁਤਨੇ ਫੂਕਣ ਦੇ ਐਕਸ਼ਨ ਤੋਂ ਬਾਅਦ ਸੰਭਵ ਹੋਈ ਸੀ। ਉਹਨਾਂ ਅੱਗੇ ਦੱਸਿਆ ਕਿ ਸੋਧੀ ਹੋਈ ਲੀਵ ਇਨਕੈਸ਼ਮਿੰਟ ਦੀ ਮਹੀਨਾ ਅਕਤੂਬਰ 2025 ਦੌਰਾਨ ਮਿਲਣ ਵਾਲੀ ਦੂਜੀ ਕਿਸ਼ਤ ਦੀ ਅਜੇ ਤੱਕ ਕਿਸੇ ਵੀ ਪੈਨਸ਼ਨਰ ਨੂੰ ਅਦਾਇਗੀ ਨਹੀਂ ਹੋਈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਦੂਜੀ ਕਿਸਤ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਅਤੇ ਜਥੇਬੰਦੀ ਨੂੰ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਨਾ ਕੀਤਾ ਜਾਵੇ।