ਕੋਟਕਪੂਰਾ, 29 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ) ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਮਿਤੀ 1 ਨਵੰਬਰ 2025 ਦਿਨ ਸ਼ਨੀਵਾਰ ਨੂੰ ਦੁਪਹਿਰ ਠੀਕ 12:00 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਨੇੜੇ ਬੱਸ ਸਟੈਂਡ ਜਲੰਧਰ ਵਿਖੇ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਸਮੂਹ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵੀ ਸ਼ਾਮਿਲ ਹੋਣਗੇ। ਆਗੂਆਂ ਨੇ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਐਕਸ਼ਨਾਂ ਦਾ ਰਿਵਿਊ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਭਗਵੰਤ ਮਾਨ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦਾ ਢੁੱਕਵਾਂ ਜਵਾਬ ਦੇਣ ਲਈ 16 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਅਤੇ ਮੁਜਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ, ਇਸ ਤੋਂ ਇਲਾਵਾ 2 ਨਵੰਬਰ ਨੂੰ ਬਿਜਲੀ ਸੋਧ ਐਕਟ 2025 ਅਤੇ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਬੋਰਡ ਅਤੇ ਹੋਰ ਕਈ ਸਰਕਾਰੀ ਜਾਇਦਾਦਾਂ ਨੂੰ ਨਿੱਜੀ ਹੱਥਾਂ ਵਿੱਚ ਕੌਡੀਆਂ ਦੇ ਭਾਅ ਵੇਚਣ ਦੇ ਵਿਰੋਧ ਵਿੱਚ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਸਾਹਮਣੇ ਆਰਤੀ ਸਿਨੇਮਾ ਚੌਂਕ ਲੁਧਿਆਣਾ ਕੋਲ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਭਰਵੀਂ ਸ਼ਮੂਲੀਅਤ ਕਰਨ ਲਈ ਫੈਸਲੇ ਲਏ ਜਾਣਗੇ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੱਚੇ, ਠੇਕਾ ਆਧਾਰਤ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਡੀ.ਏ. ਦੀਆਂ 16 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਪੰਜ ਕਿਸ਼ਤਾਂ ਦੱਬ ਕੇ ਰੱਖਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ, ਸੋਧੇ ਗਏ ਤਨਖਾਹ ਸਕੇਲਾਂ ਅਨਸਾਰ ਬਣਦੇ ਬਕਾਏ ਰੋਲ ਦੇਣ ਅਤੇ ਪੈਨਸ਼ਨਰਾਂ ਦੇ ਲਈ 2.59 ਦਾ ਗੁਣਾਂਕ ਲਾਗੂ ਨਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਆਉਣ ਵਾਲੇ ਸਮੇਂ ਦੌਰਾਨ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਹੈ।

