ਭੋਲੂਵਾਲਾ ਰੋਡ ਵਿਖੇ ਬਣ ਰਹੀ ਨਵੀਂ ਸੜਕ ਦਾ ਕੀਤਾ ਨਿਰੀਖਣ
ਫ਼ਰੀਦਕੋਟ, 8 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਪਰਾਲੀ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਹਲਕਾ ਜੈਤੋ ਦੇ ਪਿੰਡ ਗੁਰੂਸਰ ਅਤੇ ਕੋਟਕਪੂਰਾ ਦੇ ਪਿੰਡ ਸਰਾਵਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦਾ ਵਿਗਿਆਨਕ ਢੰਗ ਨਾਲ ਪ੍ਰਬੰਧ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਜਾਂ ਹੋਰ ਤਰੀਕਿਆਂ ਨਾਲ ਇਸਦਾ ਯੋਗ ਪ੍ਰਬੰਧਨ ਕਰਨਾ ਹੈ, ਜਿਸ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਖੇਤਾਂ ਦੇ ਮਿੱਤਰ ਕੀੜਿਆਂ ਅਤੇ ਉਪਜਾਊ ਸ਼ਕਤੀ ਨਸ਼ਟ ਹੋਣ ਤੋਂ ਬਚਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਬਦਲਵੇਂ ਤਰੀਕਿਆਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੇਲਰ ਮਾਲਕ ਕੋਲ ਗੱਠਾ ਸੰਭਾਲਣ ਲਈ ਆਪਣੀ ਜਗਾ ਨਹੀਂ ਹੈ, ਤਾਂ ਉਨ੍ਹਾਂ ਨੂੰ ਸਰਕਾਰੀ ਜਗਾ ਵੀ ਉਪਲਬਧ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੇ ਅਨੁਸਾਰ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਮੌਜੂਦ ਹਨ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ। ਇਸ ਉਪਰੰਤ ਉਨ੍ਹਾਂ ਫਰੀਦਕੋਟ ਦੇ ਭੋਲੂਵਾਲਾ ਰੋਡ ਵਿਖੇ ਬਣ ਰਹੀ ਨਵੀਂ ਸੜਕ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸੜਕਾਂ ਦੇ ਨਿਰਮਾਣ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਹੋਰ ਥਾਵਾਂ ਤੇ ਵੀ ਸੜਕਾਂ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ ਜਿਸ ਨੂੰ ਲਗਾਤਾਰ ਚੈਕ ਕੀਤਾ ਜਾ ਰਿਹਾ ਹੈ। ਉਨ੍ਹਾਂ ਠੇਕੇਦਾਰਾਂ ਨੂੰ ਸਖਤ ਹਦਾਇਤ ਕੀਤੀ ਕਿ ਸੜਕ ਬਣਾਉਣ ਸਮੇਂ ਉਚਿਤ ਮਿਆਰੀ ਮਟੀਰੀਅਲ ਦੀ ਵਰਤੋਂ ਕੀਤੀ ਜਾਵੇ। ਇਸ ਕੰਮ ਵਿੱਚ ਕੀਤੀ ਗਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਵਿਕਰਮ ਐਕਸੀਐਨ ਮੰਡੀ ਬੋਰਡ, ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜਰ ਸਨ।
