ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਸਮਾਗਮ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਸਪੀਕਰ ਸੰਧਵਾਂ
‘ਹਿੰਦ ਦੀ ਚਾਦਰ’ ਸ਼ੋਅ ਦੇਖਣ ਉਪਰੰਤ ਸੰਗਤਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ

ਫ਼ਰੀਦਕੋਟ, 10 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਤੇਗ ਬਹਾਦਰ ਜੀ’ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇਂ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ, ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਲਾਸਾਨੀ ਸ਼ਹਾਦਤਾਂ ਅਤੇ ਸਿੱਖਿਆਵਾਂ ਤੇ ਆਧਰਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ “ਲਾਈਟ ਐਂਡ ਸਾਊਂਡ ਸ਼ੋਅ” ਹਿੰਦ ਦੀ ਚਾਦਰ ਸ਼ਨੀਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ,ਗੁਰਪ੍ਰੀਤ ਕੌਰ ਧਰਮ ਪਤਨੀ ਸਪੀਕਰ ਸ. ਸੰਧਵਾਂ, ਬੇਅੰਤ ਕੌਰ ਧਰਮ ਪਤਨੀ ਐਮ.ਐਲ.ਏ ਸ.ਸੇਖੋਂ,ਨੇ ਸੰਗਤ ਨਾਲ ਬੈਠ ਕੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ ਮਾਣਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਡੇ ਪੱਧਰ ’ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਸਾਡੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਦੇ ਹਨ ਤੇ ਆਪਸੀ ਭਾਈਚਾਰੇ, ਧਾਰਮਿਕ ਸਾਂਝ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਸਮਾਗਮ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਸ਼ੋਅ ਨਾਲ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ’ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ ’ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਇਸ ਵਿਲੱਖਣ ਸ਼ੋਅ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਲਵਾ ਜੋਨ ਦਾ ਨਗਰ ਕੀਰਤਨ 20 ਨਵੰਬਰ ਨੂੰ ਬਾਬਾ ਫਰੀਦ ਜੀ ਦੇ ਸਥਾਨ(ਕਿਲ੍ਹਾ ਮੁਬਾਰਕ) ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਉਸ ਵਿੱਚ ਵੀ ਸੰਗਤਾਂ ਵੱਧ ਚੜ੍ਹ ਕੇ ਸ਼ਿਰਕਤ ਕਰਨ। ਵਿਧਾਇਕ ਜੈਤੋਂ ਸ. ਅਮੋਲਕ ਸਿੰਘ ਨੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਇਸ ਉੱਦਮ ਲਈ ਧੰਨਵਾਦ ਕਰਦਿਆ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਮਹਾਨ ਗੁਰੂਆਂ-ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਸਾਨੂੰ ਆਪਣੇ ਰਹਿਬਰਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਸੂਬੇ ਅਤੇ ਦੇਸ਼ ਦੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ। ਉਨ੍ਹਾਂ ਅੱਜ ਦੇ ਸਮਾਗਮ ਵਿੱਚ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ‘ਹਿੰਦ ਦੀ ਚਾਦਰ’ ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ’ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ’ ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ, ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਢਾਡੀ ਜਥੇ ਸੁਖਦੇਵ ਸਿੰਘ ਬੁਹ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਸ਼ੋਅ ਮੌਕੇ ਸੰਗਤ, ਜਿਸ ’ਚ ਬੱਚੇ, ਬਜ਼ੁਰਗ ਤੇ ਜਵਾਨ ਸ਼ਾਮਲ ਸਨ, ਨੇ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ।ਸ਼ੋਅ ਵੇਖ ਕੇ ਬਹੁਤ ਸਾਰੀਆਂ ਸੰਗਤਾਂ ਸ਼ਹਾਦਤਾਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਵੇਖ ਕੇ ਭਾਵੁਕ ਵੀ ਹੋਈਆਂ। ਇਸ ਸਮਾਗਮ ਵਿੱਚ ਸੰਦੀਪ ਸਿੰਘ ਧਾਲੀਵਾਲ ਸੂਚਨਾ ਕਮਿਸ਼ਨਰ, ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ, ਚੇਅਰਮੈਨ ਇੰਪਰੂਵਮੈਂਟ ਟਰਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਪੱਕਾ, ਜਗਜੀਤ ਗਿੱਲ ਮੀਡੀਆ ਕੋਆਰਡੀਨੇਟਰ, ਵਧੀਕ ਡਿਪਟੀ ਕਮਿਸ਼ਨਰ ਮੈਡਮ ਅਮਨਜੋਤ ਕੌਰ, ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ. ਕੋਟਕਪੂਰਾ/ਜੈਤੋ ਸੂਰਜ, ਜੀ.ਏ. ਫਰੀਦਕੋਟ ਗੁਰਕਿਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
