ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਅੱਜ ਐਨ.ਐਸ.ਐਸ. ਯੂਨਿਟ ਵੱਲੋਂ ਨੈਸ਼ਨਲ ਇੰਟੀਗਰੇਸ਼ਨ ਡੇਅ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਸਾਰੇ ਮਤਭੇਦ ਭੁੱਲ ਕੇ ਏਕਤਾ ਤੇ ਸ਼ਾਂਤੀ ਨਾਲ ਰਹਿਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਦਿਵਸ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੇ ਜਨਮਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਭਾਰਤ ਦੇ ਵੱਖ-ਵੱਖ ਭਾਈਚਾਰਿਆਂ ਵਿੱਚ ਸ਼ਾਂਤੀ ਸਦਭਾਵਨਾ ਅਤੇ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ। ਭਾਰਤੀ ਇੱਕ ਵਿਸ਼ਾਲ ਦੇਸ਼ ਹੈ, ਜਿੱਥੇ ਕਈ ਧਰਮਾਂ, ਭਾਸ਼ਾਵਾਂ ਅਤੇ ਸੱਭਿਆਚਾਰਾਂ ਦੇ ਲੋਕ ਰਹਿੰਦੇ ਹਨ। ਸਾਡੀ ਇਹੀ ਵਿਭਿੰਨਤਾ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਸ ਉਪਰੰਤ ਕੁਝ ਬੱਚਿਆਂ ਵੱਲੋਂ ਰਾਸ਼ਟਰੀ ਏਕਤਾ ਸਬੰਧੀ ਕਵਿਤਾ ਉਚਾਰਨ ਮੁਕਾਬਲੇ ਵਿੱਚ ਭਾਗ ਲਿਆ ਗਿਆ। ਇਸ ਮੌਕੇ ਬੋਲਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਵਿੱਚ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਸਰਗਰਮ ਹਨ, ਕੌਮੀ ਏਕਤਾ ਦੀ ਲੋੜ ਹੋਰ ਵੀ ਜਰੂਰੀ ਹੋ ਜਾਂਦੀ ਹੈ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੋਮਾ ਦੇਵੀ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

