18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ
ਸਾਦਿਕ 21 ਨਵੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ, ਡਾ. ਹਿਮਾਂਸ਼ੂ ਗੁਪਤਾ (ਨੋਡਲ ਅਫ਼ਸਰ, ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ) ਅਤੇ ਡਾ. ਅਰਸ਼ਦੀਪ ਸਿੰਘ ਬਰਾੜ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ.ਐਚ.ਸੀ. ਜੰਡ ਸਾਹਿਬ ਦੀ ਰਹਿਨੁਮਾਈ ਹੇਠ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੀ “ਤੰਬਾਕੂ ਮੁਕਤ ਨੌਜਵਾਨ ਅਭਿਆਨ 3.0” ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਕਲਾਂ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਨੋਡਲ ਅਫ਼ਸਰ ਆਈ.ਈ.ਸੀ. ਗਤੀਵਿਧੀਆਂ ਬੀ.ਈ.ਈ. ਰਜਿੰਦਰ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਦੀ ਮਾੜੀ ਲਤ ਤੋਂ ਬਚਾਉਣਾ ਸਮਾਜ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ। ਇਸ ਲਈ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਹਰ ਉਮਰ ਦੇ ਲੋਕਾਂ ਨੂੰ ਸਹੀ ਜਾਣਕਾਰੀ ਮਿਲ ਸਕੇ।
ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕੋਟਪਾ ਐਕਟ-2003 ਦੀ ਪਾਲਣਾ ਕਰਨਾ ਹਰੇਕ ਨਾਗਰਿਕ ਦਾ ਫਰਜ ਹੈ ਅਤੇ ਤੰਬਾਕੂ ਉਤਪਾਦਾਂ ਦੇ ਪ੍ਰਤੀਬੰਧ, ਨਸ਼ਾ ਮੁਕਤ ਮੁਹਿੰਮ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਸਮਾਜਿਕ ਸੰਸਥਾਵਾਂ, ਪੰਚਾਇਤਾਂ ਅਤੇ ਵੱਖ-ਵੱਖ ਵਿਭਾਗਾਂ ਦਾ ਸਹਿਯੋਗ ਅਤਿਅੰਤ ਜ਼ਰੂਰੀ ਹੈ।
ਇਸ ਮੌਕੇ ਸਿਹਤ ਸੁਪਰਵਾਈਜ਼ਰ ਅਮਰਜੀਤ ਸਿੰਘ ਨੇ ਦੱਸਿਆ ਕਿ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਦੇ ਸਾਰੇ ਸਕੂਲਾਂ ਅਤੇ ਪਿੰਡਾਂ ਨੂੰ ਤੰਬਾਕੂ-ਰਹਿਤ ਐਲਾਨਣ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜਨਤਕ ਸਥਾਨਾਂ ‘ਤੇ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਣ ਕੱਟੇ ਜਾਂਦੇ ਹਨ ਅਤੇ ਇਸ ਕਾਨੂੰਨ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਸਪਸ਼ਟ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ/ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ। ਇਸਦੇ ਨਾਲ ਹੀ ਕਿਸੇ ਵੀ ਵਿਦਿਆਰਥੀ ਸੰਸਥਾ ਦੀਆਂ ਚਾਰਦਿਵਾਰੀ ਤੋਂ 100 ਗਜ਼ ਦੀ ਦੂਰੀ ਵਿੱਚ ਤੰਬਾਕੂ ਉਤਪਾਦ ਵੇਚਣਾ ਵੀ ਕਾਨੂੰਨਨ ਦੰਡਨੀਯੋਗ ਹੈ, ਜਿਸ ਵਿੱਚ ਸਜ਼ਾ ਅਤੇ ਜੁਰਮਾਨੇ ਦੀ ਪ੍ਰਾਵਧਾਨ ਹੈ।
ਅੰਤ ਵਿੱਚ, ਉਨ੍ਹਾਂ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਇਮਾਰਤਾਂ ਨੂੰ ਜਲਦ ਤੋਂ ਜਲਦ ਤੰਬਾਕੂ ਰਹਿਤ ਸੰਸਥਾ ਐਲਾਨਣ ਦੀ ਅਪੀਲ ਕੀਤੀ।
ਇਸ ਮੌਕੇ ਜਗਤਾਰ ਸਿੰਘ (ਹੈਲਥ ਵਰਕਰ) ਅਤੇ ਸਕੂਲ ਦਾ ਸਮੂਹ ਸਟਾਫ ਵੀ ਮੌਜੂਦ ਸਨ।

