ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਿਉਂਸਪਲ ਮੁਲਾਜ਼ਮਾਂ ਸਫਾਈ ਸੇਵਕਾਂ, ਸੀਵਰਮੈਨਾਂ ਦੀ ਸਿਰਮੌਰ ਜਥੇਬੰਦੀ ਸਫਾਈ ਸੇਵਕ ਯੂਨੀਅਨ ਪੰਜਾਬ ਦੀ ਜਿਲ੍ਹਾ ਪੱਧਰੀ ਮੀਟਿੰਗ ਵਿੱਚ ਸ਼ਮੂਲੀਅਤ ਕਰਕੇ ਵਾਪਸ ਪਰਤੇ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਮੇਸ਼ ਗੈਚੰਡ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਧੂਰੀ ਵਿਖੇ ਸੂਬਾ ਪੱਧਰੀ ਮਹਾ ਰੋਸ ਰੈਲੀ ਕਰਨ ਦੇ ਫੈਸਲੇ ਅਨੁਸਾਰ ਪੰਜਾਬ ਭਰ ਵਿੱਚ ਜਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਕਿਉਂਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹਰ ਵਰਗ ਨਾਲ ਧੱਕਾ ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ, ਤਿਉਹਾਰਾਂ ਮੌਕੇ ਸਰਕਾਰ ਵੱਲੋਂ ਮਹਿੰਗਾਈ ਭੱਤੇ ਸਬੰਧੀ ਕੋਈ ਐਲਾਨ ਨਾ ਕਰਨ ਦੇ ਰਵੱਈਏ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਿਰਾਸ਼ ਕੀਤਾ ਹੈ, ਕਿਉਂਕਿ ਮਹਿੰਗਾਈ ਭੱਤਾ ਕੇਂਦਰ ਸਰਕਾਰ ਨਾਲੋ 16 ਫੀਸਦੀ ਘੱਟ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਗਾਂ ਸਬੰਧੀ ਮੀਟਿੰਗਾਂ ਤਾਂ ਹੋਈਆਂ ਪਰ ਸਿੱਟਾ ਨਾਹਪੱਖੀ ਹੀ ਨਿਕਲਿਆ ਉਲਟਾ ਲਾਰੇ ਲਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ, ਜਿਸ ਕਾਰਨ ਸਮੂਹ ਮਿਊਂਸਪਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।, ਉਨ੍ਹਾਂ ਪੰਜਾਬ ਸਰਕਾਰ ਨੂੰ ਸਪੱਸ਼ਟ ਤੌਰ ’ਤੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਆਪਣੀਆਂ ਮਾੜੀਆਂ ਨੀਤੀਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਯੂਨੀਅਨ ਦੇ ਆਗੂਆਂ ਵੱਲੋਂ ਪੰਜਾਬ ਦੇ ਸਮੂਹ ਮਿਊਂਸਪਲ ਮੁਲਾਜ਼ਮਾਂ ਸਫ਼ਾਈ ਸੇਵਕਾਂ ਸੀਵਰਮੈਨਾਂ ਨੂੰ 10 ਦਸੰਬਰ 2025 ਨੂੰ ਇਸ ਮਹਾਂ ਰੋਸ ਰੈਲੀ ਵਿੱਚ ਕੁੱਲ ਹਾਜ਼ਰੀ ਸਮੇਤ ਧੂਰੀ ਵਿਖੇ ਪਹੁੰਚਣ ਦੀ ਅਪੀਲ ਵੀ ਕੀਤੀ ਗਈ।
