ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਲੋਕਾਂ ਨੂੰ ਭਲੇ ਦੀ ਝਾਕ ਛੱਡਕੇ ਸੰਘਰਸ਼ ਤੇਜ਼ ਕਰਨ ਦਾ ਸੱਦਾ

ਕੋਟਕਪੂਰਾ, 12 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਮਜ਼ਦੂਰ ਮੰਗਾਂ ਲਾਗੂ ਕਰਵਾਉਣ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਮੂਹਰੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਫ਼ਰੀਦਕੋਟ ਅਤੇ ਮੋਗਾ ਦੇ ਵੱਡੀ ਗਿਣਤੀ ਪਿੰਡਾਂ ਚੋਂ ਸੈਂਕੜੇ ਮਜ਼ਦੂਰ ਮਰਦ/ਔਰਤਾਂ ਸ਼ਾਮਲ ਹੋਏ। ਇਕੱਠ ਨੂੰ ਸਬੋਧਨ ਕਰਦੇ ਹੋਏ ਸੂਬਾਈ ਆਗੂ ਗੁਰਪਾਲ ਸਿੰਘ ਨੰਗਲ, ਮੇਜਰ ਸਿੰਘ ਕਾਲੇਕੇ ਨੇ ਕਿਹਾ ਕਿ ਮਨਰੇਗਾ ਦੇ ਬੰਦ ਕੀਤੇ ਕੰਮਾਂ ਨੂੰ ਫੌਰੀ ਚਲਾਉਣ, ਮਨਰੇਗਾ ਦਿਹਾੜੀ 700 ਰੁਪਏ ਕਰਵਾਉਣ, ਮੀਂਹਾ ਕਾਰਨ ਡਿੱਗੇ ਤੇ ਨੁਕਸਾਨੇ ਘਰਾਂ ਦਾ ਮੁਆਵਜ਼ਾ ਲੈਣ, ਔਰਤਾਂ ਨੂੰ 1100 ਰੁਪਏ ਮਹੀਨਾ ਦਿਵਾਉਣ, ਬਿਜਲੀ ਸੋਧ ਬਿੱਲ 2025 ਵਾਪਸ ਲੈਣ ਲਈ ਤੇ ਲਾਏ ਜਾ ਰਹੇ ਚਿਪ ਵਾਲੇ ਮੀਟਰਾਂ ਨੂੰ ਬੰਦ ਕਰਵਾਉਣ, ਪੰਚਾਇਤੀ ਜਮੀਨਾਂ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ਤੇ ਦਿਵਾਉਣ, ਤਿੱਖੇ ਜਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਸਮੇਤ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਲਾਗੂ ਕਰਵਾਉਣ ਲਈ ਅੱਜ ਦਾ ਇਹ ਵਿਸ਼ਾਲ ਧਰਨਾ ਦਿੱਤਾ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮਨਰੇਗਾ ਦੇ ਕੰਮ ਬੰਦ ਕਰਕੇ ਮਜ਼ਦੂਰਾਂ ਕੋਲੋਂ ਰੁਜ਼ਗਾਰ ਖੋਹਕੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਤੇ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਸਰਕਾਰ ਦੀ ਇਸ ਨੀਤੀ ਨੂੰ ਹੁਣ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ 27 ਲੱਖ ਜੌਬ ਕਾਰਡ ਕੱਟਕੇ ਮਜ਼ਦੂਰਾਂ ਦੇ ਰੁਜ਼ਗਾਰ ਦਾ ਖਾਤਮਾ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆ ਹਨ। ਇਸ ਦੇ ਨਾਲ ਹੀ ਮੋਦੀ ਸਰਕਾਰ ਵੱਲੋਂ ਸੰਘਰਸ਼ਾਂ ਰਾਹੀ ਬਣਾਏ ਮਜਦੂਰ ਪੱਖੀ ਕਾਨੂੰਨਾਂ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆ ਦੀਆਂ ਤਿਜੌਰੀਆਂ ਭਰਨ ਦਾ ਰਾਹ ਅਖਤਿਆਰ ਕੀਤਾ ਜਾ ਰਿਹਾ ਹੈ। ਉਨਾ ਨੇ ਭਗਵੰਤ ਮਾਨ ਸਰਕਾਰ ਦੀ ਕਰੜੇ ਸ਼ਬਦਾ ਵਿੱਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਬਦਲਾਅ ਦਾ ਹੋਕਾ ਦੇਕੇ ਸਤਾ ਵਿੱਚ ਆਈ ਸਰਕਾਰ ਨੇ ਕੀਤੀਆਂ ਗਰੰਟੀਆਂ ਨੂੰ ਲਾਗੂ ਕਰਨ ਦੀ ਬਜਾਏ ਹੱਕ ਮੰਗਦੇ ਮਜ਼ਦੂਰਾਂ ਅਤੇ ਹੋਰ ਤਬਕਿਆਂ ’ਤੇ ਜਬਰ ਜੁਲਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੀਹਾਂ ਨਾਲ ਹੋਏ ਨੁਕਸਾਨ ਦਾ ਅਜੇ ਤੱਕ ਮਜ਼ਦੂਰਾਂ ਦੇ ਹੱਥਾਂ ਤੇ ਧੇਲਾ ਵੀ ਨਹੀਂ ਰੱਖਿਆ ਗਿਆ ਅਤੇ ਨਾ ਹੀ ਔਰਤਾਂ ਨੂੰ 1100 ਰੁਪਏ ਦੇਣ ਦੀ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਮਜਦੂਰਾਂ ਨੂੰ ਬਲਾਕ ਸੰਮਤੀ ਤੇ ਜਿਲਾ ਪ੍ਰਸੀਦ ਦੀਆਂ ਚੋਣਾਂ ਤੋਂ ਭਲੇ ਦੀ ਝਾਕ ਛੱਡਕੇ ਸੰਘਰਸਾਂ ਦੇ ਰਾਹ ਪੈਣ ਦਾ ਸੱਦਾ ਦਿੰਦਿਆਂ ਸਰਕਾਰ ਨੂੰ ਚਿਤਵਾਨੀ ਦਿੱਤੀ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਕਤ ਆਗੂਆਂ ਤੋਂ ਇਲਾਵਾ ਅਮਰੀਕ ਸਿੰਘ ਭਾਣਾ, ਕਾਲਾ ਸਿੰਘ ਕਾਬਲਵਾਲਾ, ਕਰਮਜੀਤ ਸਿੰਘ ਸੇਵੇਵਾਲਾ, ਦਰਸ਼ਨ ਸਿੰਘ ਹਿੰਮਤਪੁਰਾ, ਅੰਗਰੇਜ਼ ਸਿੰਘ ਮੱਦੋਕੇ, ਜਗਰਾਜ ਸਿੰਘ ਕੁੱਸਾ, ਹਾਕਮ ਸਿੰਘ ਕਾਲੇਕੇ, ਜਸਕਰਨ ਸਿੰਘ ਨੰਗਲ, ਪਾਲਾ ਸਿੰਘ ਚਹਿਲ ਆਦਿ ਨੇ ਵੀ ਸੰਬੋਧਨ ਕੀਤਾ।