ਕੋਟਕਪੂਰਾ , 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਸਬੰਧਤ ਏਟਕ ਵੱਲੋਂ ਪੈਨਸ਼ਨਰ ਦਿਵਸ ਮਨਾਉਣ, ਮੌਜੂਦਾ ਸਮੇਂ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ ਚਰਚਾ ਕਰਨ ਅਤੇ ਸੀਨੀਅਰ ਪੈਨਸ਼ਨਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ 17 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ ਠੀਕ 11:00 ਵਜੇ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਸੋਮ ਨਾਥ ਅਰੋੜਾ, ਮੁਖ਼ਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ ਅਤੇ ਜਸਵਿੰਦਰ ਸਿੰਘ ਬਰਾੜ ਵੱਲੋਂ ਇੱਕ ਮੀਟਿੰਗ ਕਰਕੇ ਇਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਆਗੂਆਂ ਨੇ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਵਿੱਚ ਪਿਛਲੇ ਲਗਭਗ ਪੌਣੇ ਚਾਰ ਸਾਲਾਂ ਤੋਂ ਲਗਾਤਾਰ ਕੀਤੇ ਜਾ ਰਹੇ ਨਜ਼ਾਇਜ਼ ਖਰਚਿਆਂ ਅਤੇ ਮੀਡੀਏ ਵਿੱਚ ਫੋਕੀ ਇਸ਼ਤਿਹਾਰਬਾਜੀ ਕਾਰਨ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ। ਪੰਜਾਬ ਸਿਰ ਕਰਜ਼ੇ ਦੀ ਪੰਡ ਬਹੁਤ ਭਾਰੀ ਹੋ ਗਈ ਹੈ। ਇਹਨਾਂ ਮਾੜੇ ਹਾਲਤਾਂ ਕਾਰਨ ਹੁਣ ਪੰਜਾਬ ਸਰਕਾਰ ਨੇ ਲੁਧਿਆਣਾ, ਪਟਿਆਲਾ ਅਤੇ ਕਈ ਹੋਰ ਸ਼ਹਿਰਾਂ ਵਿੱਚ ਪੰਜਾਬ ਰਾਜ ਬਿਜਲੀ ਬੋਰਡ, ਪਾਵਰ ਕਾਰਪੋਰੇਸ਼ਨ ਅਤੇ ਕਈ ਹੋਰ ਅਦਾਰਿਆਂ ਦੀ ਬਹੁ ਕੀਮਤੀ ਜਾਇਦਾਦਾਂ ਨੂੰ ਵੇਚਣ ਦੇ ਕੁਰਾਹੇ ਪੈ ਗਈ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਕਾਇਆ ਪਈਆਂ ਪੰਜ ਕਿਸਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਵੱਖ ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ। ਆਗੂਆਂ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਸੰਸਦ ਦੇ ਮੌਜੂਦਾ ਸੈਸ਼ਨ ਵਿੱਚ ਲਿਆਂਦੇ ਜਾ ਰਹੇ ਬਿਜਲੀ ਸੋਧ ਐਕਟ 2025 ਅਤੇ ਪਿਛਲੇ ਸਮੇਂ ਦੌਰਾਨ ਮਜ਼ਦੂਰ ਪੱਖੀ 29 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਲਿਆਂਦੇ ਗਏ ਚਾਰ ਲੇਬਰ ਕੋਡਾਂ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਪੈਨਸ਼ਨਰ ਯੂਨੀਅਨ, ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਅਤੇ ਏਟਕ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਪੈਨਸ਼ਨਰ ਦਿਵਸ ਨੂੰ ਸਮਰਪਿਤ ਸੂਬਾਈ ਚੇਤਨਾ ਕਨਵੈਨਸ਼ਨ 20 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10:30 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ , ਨੇੜੇ ਬੱਸ ਸਟੈਂਡ ਮੋਗਾ ਵਿਖੇ ਕੀਤੀ ਜਾ ਰਹੀ ਹੈ। ਇਸ ਸੂਬਾਈ ਕਨਵੈਨਸ਼ਨ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਭਰਵੀਂ ਸ਼ਮੂਲੀਅਤ ਕਰਨਗੇ।