ਸੰਗਰੂਰ 23 ਦਸੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ ਐੱਸ ਐੱਸ ਕੈਂਪ ਕਮਾਂਡਰ ਮੈਡਮ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਸੱਤ ਰੋਜ਼ਾ ਕੈਂਪ ਦੇ ਤੀਸਰੇ ਦਿਨ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਮਾਨਸਿਕ ਸਿਹਤ ਤੇ ਮਸ਼ਵਰਾ ਵਿਭਾਗ ਦੇ ਸੂਬਾ ਮੁਖੀ ਜੁਝਾਰ ਸਿੰਘ ਲੌਂਗੋਵਾਲ ਵੱਲੋਂ ਵਲੰਟੀਅਰਾਂ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਵਿਦਿਆਰਥੀਆਂ ਦੇ ਸਨਮੁੱਖ ਆਪਣੇ ਵਿਚਾਰ ਪੇਸ਼ ਕਰਦਿਆਂ ਸੁਚਾਰੂ ਅਤੇ ਸਕਾਰਾਤਮਕ ਜੀਵਨ ਜਿਉਣ ਦੀ ਸੇਧ ਦਿੱਤੀ ਗਈ। ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਨ ਅਤੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ਬਾਰੇ ਉਹਨਾਂ ਵੱਲੋਂ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ ਗਿਆ। ਵਹਿਮਾਂ ਭਰਮਾਂ ਦਾ ਖੰਡਨ ਕਰਦਿਆਂ ਉਹਨਾਂ ਕਿਹਾ ਕਿ ਸਾਨੂੰ ਹਰ ਤਰ੍ਹਾਂ ਦੇ ਡਰ ਮਨ ਵਿੱਚੋਂ ਕੱਢ ਕੇ ਤਾਰਕਿਕ ਬੁੱਧੀ ਰਾਹੀਂ ਅੱਗੇ ਵਧਣਾ ਚਾਹੀਦਾ ਹੈ। ਅਤੇ ਅਜਿਹਾ ਤਦ ਹੀ ਸੰਭਵ ਹੈ ਜੇਕਰ ਅਸੀਂ ਚੰਗਾ ਸਾਹਿਤ ਪੜ੍ਹਨਾ ਆਰੰਭ ਕਰੀਏ। ਉਹਨਾਂ ਵੱਲੋਂ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ, ਉੱਧਮ ਸਿੰਘ ਅਤੇ ਕਰਤਾਰ ਸਿੰਘ ਸਰਾਭੇ ਵਰਗੇ ਦੇਸ਼ ਭਗਤਾਂ ਦੇ ਜੀਵਨ ਤੋਂ ਸੇਧ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਉਹਨਾਂ ਆਉਣ ਵਾਲੇ ਸਾਲ ਵਿੱਚ ਆਦਰਸ਼ ਸਕੂਲ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਤੇ ਪ੍ਰਿੰਸੀਪਲ ਜੋਗਾ ਸਿੰਘ ਤੂਰ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਿੰਸੀਪਲ ਸਰਦਾਰ ਜੋਗਾ ਸਿੰਘ ਤੂਰ ਵੱਲੋਂ ਪਹੁੰਚੇ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬਰਨਾਲਾ ਸੰਗਰੂਰ ਦੇ ਜੋਨ ਆਗੂ ਗੁਰਦੀਪ ਸਿੰਘ ਲਹਿਰਾ, ਇਕਾਈ ਸੰਗਰੂਰ ਦੇ ਮੁਖੀ ਸੁਰਿੰਦਰ ਪਾਲ ਉਪਲੀ, ਗੁਰਵੀਰ ਸਿੰਘ ਅਤੇ ਕੁਲਬੀਰ ਸਿੰਘ ਹਾਜ਼ਰ ਸਨ

