ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਰਬਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਵੱਲੋਂ ਅੱਜ ਨਵੇਂ ਸਾਲ 2026 ਦੀ ਆਮਦ ਮੌਕੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ ਫਰੋਸ਼, ਐਡਵੋਕੇਟਸ ਅਤੇ ਇਲਾਕੇ ਦੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਭ ਨੇ ਮਿਲ ਕੇ ਸਰਬੱਤ ਦੇ ਭਲੇ, ਅਮਨਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਸਰਬਸਾਂਝੀ ਧਾਰਮਿਕ ਕਮੇਟੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਸੰਧੂ ਨੇ ਸਮਾਗਮ ਵਿੱਚ ਪਹੁੰਚੀ ਸਮੂਹ ਸੰਗਤ ਅਤੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਬਸਾਂਝੀ ਧਾਰਮਿਕ ਕਮੇਟੀ ਵੱਲੋਂ ਨਵੇਂ ਸਾਲ ਦੀ ਆਮਦ ਮੌਕੇ ਅਜਿਹਾ ਧਾਰਮਿਕ ਸਮਾਗਮ ਕਰਵਾਉਣਾ ਬਹੁਤ ਹੀ ਪ੍ਰਸੰਸਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਖੰਡ ਪਾਠ ਸਾਹਿਬ ਸਾਨੂੰ ਸੇਵਾ, ਸਬਰ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀਕਲਾ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਪ੍ਰਗਿਆ ਜੈਨ ਐਸਐਸਪੀ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਕਰਨਾ ਇਕ ਬਹੁਤ ਹੀ ਸ਼ੁੱਭ ਅਤੇ ਪ੍ਰੇਰਣਾਦਾਇਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੇਵਾ ਪੂਰੇ ਮਨ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਜੀ.ਏ. ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ/ ਕਰਮਚਾਰੀ ਤੇ ਇਲਾਕੇ ਦੀ ਸੰਗਤ ਹਾਜ਼ਰ ਸੀ।
