ਖੇਡ ਸਟੇਡੀਅਮ ਦੀ ਨੁਹਾਰ ਬਦਲਣ ਲਈ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਜੈਤੋ/ਕੋਟਕਪੂਰਾ, 3 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਖੇਡ ਸਟੇਡੀਅਮ ਜੈਤੋ ਵਿਖੇ ਦੂਜੀ ਪੰਜਾਬ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਹਨਾਂ ਦੇ ਨਾਲ ਅਮੋਲਕ ਸਿੰਘ ਵਿਧਾਇਕ ਜੈਤੋ ਅਤੇ ਲਛਮਣ ਸਿੰਘ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸੰਧਵਾਂ ਨੇ ਖੇਡ ਸਟੇਡੀਅਮ ਜੈਤੋ ਦੀ ਨੁਹਾਰ ਬਦਲਣ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਜਿਹੜਾ ਇਨਸਾਨ ਖੇਡਾਂ ਵਿੱਚ ਭਾਗ ਲੈਂਦਾ ਹੈ ਉਹ ਹੀ ਜਿੰਦਗੀ ਦਾ ਅਸਲ ਆਨੰਦ ਲੈਂਦਾ ਹੈ। ਉਹਨਾਂ ਕਿਹਾ ਕਿ ਖੇਡਾਂ ਸਾਨੂੰ ਬਹੁਤ ਕੁਝ ਸਿਖਾਉਂਦੀਆਂ ਹਨ। ਉਹਨਾਂ ਕਿਹਾ ਕਿ ਜਦੋਂ ਅਸੀਂ ਜਿੱਤ ਜਾਦੇ ਹਾਂ ਤਾਂ ਜਿੱਤਾਂ ਨੂੰ ਮਾਣੋ ਅਤੇ ਜਦੋਂ ਅਸੀਂ ਹਾਰ ਜਾਂਦੇ ਹਾਂ ਤਾਂ ਹਾਰ ਤੋਂ ਸਿੱਖ ਕੇ ਦੁਬਾਰਾ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਿਨ ਰਾਤ ਪੰਜਾਬ ਨੂੰ ਰੰਗਲਾ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਹੀ ਉਹਨਾਂ ਨੂੰ ਇਸ ਅਹੁਦੇ ‘ਤੇ ਪਹੁੰਚਾਇਆ ਹੈ ਇਸ ਲਈ ਉਹਨਾਂ ਦਾ ਵੀ ਫਰਜ਼ ਹੈ ਕਿ ਉਹ ਲੋਕਾਂ ਦੀ ਭਲਾਈ ਲਈ ਕੰਮ ਕਰਨ। ਉਹਨਾਂ ਹਲਕਾ ਵਿਧਾਇਕ ਅਮੋਲਕ ਸਿੰਘ ਨੂੰ ਵੈਟਰਨ ਖਿਡਾਰੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦਿਖਾਉਣ ਦਾ ਸੱਦਾ ਦਿੱਤਾ। ਸਪੀਕਰ ਸੰਧਵਾਂ ਨੇ ਇਸ ਵੈਟਰਨਰ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਸਮੇਤ ਹੋਰ ਪਤਵੰਤੇ ਵੀ ਹਾਜਰ ਸਨ।
